ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਿਟਜ਼ਰਲੈਂਡ ਦੇ ਰਾਜਦੂਤ ਰਾਫ ਹੈਕਨਰ ਨੇ ਦਿੱਲੀ ਸਕੱਤਰੇਤ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਾਜਦੂਤ ਰਫ ਹੈਕਨਰ ਨੇ ਅਜਿਹੀਆਂ ਮੁਸ਼ਕਲ ਹਾਲਾਤ ਵਿੱਚ ਵੀ ਕਰੋਨਾ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਦਿੱਲੀ ਸਰਕਾਰ ਜਲਦੀ ਹੀ ਸਿਹਤ ਜਾਣਕਾਰੀ ਪ੍ਰਬੰਧਨ ਪ੍ਰਣਾਲੀ (ਐੱਮਆਈਐੱਮਐੱਸ) ਲਾਗੂ ਕਰਨ ਜਾ ਰਹੀ ਹੈ। ਹਰ ਨਾਗਰਿਕ ਨੂੰ ਹੈਲਥ ਕਾਰਡ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਸਰਕਾਰ ਵੱਲੋਂ ਪ੍ਰਦੂਸ਼ਣ ਨਾਲ ਨਜਿੱਠਣ ਤੇ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਚਰਚਾ ਹੋਈ। ਰਾਜਦੂਤ ਹੈਕਨੇਰ ਨੇ ਕਿਹਾ ਕਿ ਅਜਿਹੀਆਂ ਮੁਸ਼ਕਲ ਹਾਲਤਾਂ ਵਿੱਚ ਵੀ ਦਿੱਲੀ ਸਰਕਾਰ ਨੇ ਕਰੋਨਾ ਦਾ ਬਹੁਤ ਸਫਲਤਾ ਨਾਲ ਪ੍ਰਬੰਧਨ ਕੀਤਾ। ਦਿੱਲੀ ਸਰਕਾਰ ਨਾ ਸਿਰਫ ਕਰੋਨਾ ਨਾਲ ਨਜਿੱਠਣ ਵਿਚ ਸਫਲ ਰਹੀ ਸਗੋਂ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਵੀ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਕਰੋਨਾ ਕਾਲ ਵੇਲੇ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਤੇ ਸਾਵਧਾਨੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਬਹੁਤ ਗੰਭੀਰ ਹੈ।