ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੂਨ
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਅਫ਼ਗਾਨਿਸਤਾਨ ਵਿੱਚ ਫਸੇ ਹੋਏ ਅਫਗਾਨ ਸਿੱਖਾਂ ਨੂੰ 111 ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ 49 ਹੋਰ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ 160 ਅਫਗਾਨ ਸਿੱਖਾਂ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਕੱਢਣ ਲਈ ਵਿਦੇਸ਼ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਹੱਲ ਨਿਕਲਣ ਦੀ ਉਮੀਦ ਹੈ। ਸ੍ਰੀ ਸਾਹਨੀ ਨੇ ਕਿਹਾ ਕਿ ਤਾਲਿਬਾਨ ਸਰਕਾਰ ਸਥਿਤੀ ਨੂੰ ਬਹਾਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਗੁਰਦੁਆਰੇ ਨੂੰ 85 ਫ਼ੀਸਦੀ ਤੋਂ ਵੱਧ ਨੁਕਸਾਨ ਪਹੁੰਚਿਆ ਹੈ, ਇਸ ਲਈ ਸੰਭਾਵਨਾ ਹੈ ਕਿ ਕੁਝ ਅਫਗਾਨ ਸਿੱਖ ਗੁਰਦੁਆਰੇ ਦੀ ਮੁਰੰਮਤ ਕਰਵਾਉਣ ਲਈ ਵਾਪਸ ਰਹਿਣਗੇ ਅਤੇ ਉਹ ਬਾਅਦ ਵਿੱਚ ਭਾਰਤ ਆਉਣਗੇ।
ਲੋੜਵੰਦਾਂ ਦੀ ਟਿਕਟਾਂ ਖਰੀਦਣ ’ਚ ਮਦਦ ਕਰਾਂਗੇ: ਸਿਰਸਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਗੁਰਦੁਆਰਾ ਕਰਤੇ ਪਰਵਾਨ ’ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ 111 ਸਿੱਖਾਂ ਤੇ ਹਿੰਦੂਆਂ ਨੁੰ ਈ ਵੀਜ਼ਾ ਪ੍ਰਦਾਨ ਕਰਨ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਉਹ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਵਾਈ ਟਿਕਟਾਂ ਖਰੀਦਣ ਵਿਚ ਮਦਦ ਵੀ ਕਰਨਗੇ। ਉਨ੍ਹਾਂ ਨੇ ਬਾਕੀ ਰਹਿੰਦੇ 50 ਵਿਅਕਤੀਆਂ ਨੂੰ ਵੀ ਈ ਵੀਜ਼ਾ ਲਈ ਅਪਲਾਈ ਕਰਨ ਦੀ ਅਪੀਲ ਕੀਤੀ ਹੈ।