ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਮਨਾਇਆ ਗਿਆ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅੱਜ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਨਤਮਸਕ ਹੋਏ। ਸਪੀਕਰ ਨੇ ਰਾਗੀ ਸਿੰਘਾਂ ਵੱਲੋਂ ਕੀਤੇ ਜਾ ਰਹੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਵਿਚ ਪ੍ਰਬੰਧਕਾਂ ਨੇ ਸਪੀਕਰ ਸ੍ਰੀ ਓਮ ਬਿਰਲਾ ਨੂੰ ਸਨਮਾਨਤ ਕੀਤਾ। ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸਪੀਕਰ ਸ੍ਰੀ ਓਮ ਬਿਰਲਾ ਨੇ ਕਿਹਾ ਕਿ ਉਹ ਸਨਮਾਨ ਲਈ ਪ੍ਰਬੰਧਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਗੁਰੂ ਕੀ ਇਲਾਹੀ ਬਾਣੀ ਸਰਵਣ ਕਰ ਕੇ ਉਨ੍ਹਾਂ ਦੇ ਮਨ ਨੁੰ ਬਹੁਤ ਸਕੂਨ ਤੇ ਖੁਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਜਿਥੇ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦਰਸ਼ਨ ਕਰ ਕੇ ਉਹ ਆਪਣੇ ਆਪ ਨੁੰ ਵੱਡਭਾਗਾ ਮਹਿਸੂਸ ਕਰ ਰਹੇ ਹਨ। ਇਸ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਐੱਮਪੀ, ਤਰਲੋਚਨ ਸਿੰਘ ਸਾਬਕਾ ਐੱਮਪੀ ਵੀ ਹਾਜ਼ਰ ਸਨ।
ਗੁਰੂ ਹਰਿਕਿ੍ਰਸ਼ਨ ਸਕੂਲਾਂ ਦਾ ਨਤੀਜਾ ਸ਼ਾਨਦਾਰ
ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੀਬੀਐੱਸਈ ਵੱਲੋਂ ਅੱਜ ਐਲਾਨੇ ਗਏ 12ਵੀਂ ਤੇ 10ਵੀਂ ਦੇ ਨਤੀਜਿਆਂ ’ਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਸਮੁੱਚਾ ਨਤੀਜਾ 98 ਫ਼ੀਸਦੀ ਰਿਹਾ ਹੈ ਜਦੋਂ ਕਿ 4 ਸਕੂਲਾਂ ਦਾ 100 ਫ਼ੀਸਦੀ ਤੇ ਤਿੰਨ ਹੋਰ ਸਕੂਲਾਂ ਦਾ 99 ਫ਼ੀਸਦੀ ਤੋਂ ਵੱਧ ਨਤੀਜਾ ਆਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀਆਂ 12 ਬ੍ਰਾਂਚਾ ਦਾ ਨਤੀਜਾ ਸ਼ਾਨਦਾਰ ਰਿਹਾ।