ਮਨਧੀਰ ਦਿਉਲ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਹਜ਼ਾਰਾਂ ਸਫ਼ਾਈ ਕਰਮਚਾਰੀ ਦੀਵਾਲੀ ਤੋਂ ਪਹਿਲਾਂ ਬਕਾਇਆ ਤਨਖਾਹਾਂ ਤੇ ਬੋਨਸ ਵਿੱਚ ਲਗਾਤਾਰਤਾ ਬਣਾਈ ਰੱਖਣ ਅਤੇ ਭੁਗਤਾਨ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਐੱਮਸੀਡੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਤ ਲਾਲ ਚਾਵਰੀਆ ਨੇ ਕਿਹਾ ਕਿ ਇੱਥੇ 15,000 ਤੋਂ ਵੱਧ ਸਫ਼ਾਈ ਕਰਮਚਾਰੀ ਹਨ ਜੋ ਪਿਛਲੇ 20-25 ਸਾਲਾਂ ਤੋਂ ਆਪਣੇ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵੀ ਪਿਛਲੇ ਤਿੰਨ ਸਾਲਾਂ ਤੋਂ ਬੋਨਸ ਨਹੀਂ ਮਿਲਿਆ ਅਤੇ ਉਨ੍ਹਾਂ ਦੀ ਇੱਕ ਮਹੀਨੇ ਦੀ ਤਨਖਾਹ ਬਕਾਇਆ ਪਈ ਹੈ। ਪ੍ਰਧਾਨ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਨੇੜੇ ਹੈ ਪਰ ਇਸ ਨੂੰ ਮਨਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ। ਉਨ੍ਹਾਂ ਨੂੰ ਨਾ ਤਾਂ ਸਮੇਂ ਸਿਰ ਤਨਖਾਹਾਂ ਮਿਲ ਰਹੀਆਂ ਹਨ ਅਤੇ ਨਾ ਹੀ ਉਨ੍ਹਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਇਸ ਨੂੰ ਰੋਕਣਾ ਹੋਵੇਗਾ, ਇਸ ਲਈ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਐਮਸੀਡੀ ਵਿੱਚ ਤਾਇਨਾਤ ਸਫ਼ਾਈ ਕਰਮਚਾਰੀ ਗਲੀਆਂ ਵਿੱਚ ਸਫ਼ਾਈ ਕਰਨ, ਕੂੜਾ ਚੁੱਕਣ ਤੇ ਹੋਰ ਕੰਮ ਬੰਦ ਕਰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਕਈ ਭਰੋਸਾ ਦਿੱਤਾ ਗਿਆ ਸੀ ਪਰ ਕੁਝ ਨਹੀਂ ਹੋਇਆ। ਸਿਰਫ਼ ਭਰੋਸੇ ਨਾਲ ਹੁਣ ਕੰਮ ਨਹੀਂ ਚੱਲੇਗਾ।