ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਜੇਕਰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ ਤਾਂ ਹਫ਼ਤਾਵਾਰੀ ਬਾਜ਼ਾਰਾਂ ਨੂੰ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਹਜ਼ਾਰਾਂ ਬੇਸਹਾਰਾ ਲੋਕਾਂ ਦੀ ਜ਼ਿੰਦਗੀ ਤੇ ਮੌਤ ਦਾ ਸਵਾਲ ਹੈ। ਉਹ ਭਜਨਪੁਰਾ ਵਿੱਚ ਹੋਏ ਇਕ ਸਮਾਗਮ ਦੌਰਾਨ ਬੋਲ ਰਹੇ ਸਨ। ਅਨਿਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਅਪੀਲ ਕੀਤੀ ਕਿ ਉਹ ਤਹਬਿਾਜ਼ਾਰੀ ਵਿਕਰੇਤਾਵਾਂ ’ਤੇ ਕੁਝ ਹਮਦਰਦੀ ਦਿਖਾਉਣ। ਉਨ੍ਹਾਂ ਕਿਹਾ ਕਿ ਕੋਵਿਡ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੜਕਾਂ ’ਤੇ ਹਫ਼ਤਾਵਾਰੀ ਬਾਜ਼ਾਰਾਂ ਦੀ ਆਗਿਆ ਨਹੀਂ ਹੈ, ਇਸ ਲਈ ਨਾਗਰਿਕ ਏਜੰਸੀਆਂ ਨੂੰ ਹਫ਼ਤਾਵਾਰੀ ਬਾਜ਼ਾਰਾਂ ਲਈ ਵਿਕਲਪਿਕ ਥਾਵਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਪਰ ਜਿਥੇ ਅਜਿਹੀਆਂ ਥਾਵਾਂ ਉਪਲਬੱਧ ਨਹੀਂ ਹਨ ਫਿਰ ਹਫ਼ਤਾਵਾਰੀ ਬਾਜ਼ਾਰਾਂ ਨੂੰ ਚਲਾਉਣ ਦੀ ਆਗਿਆ ਦਿੱਤੀ ਜਾਵੇ।