ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਕੀਤੀਆਂ ਗਈ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਵਿੱਚ ਬੈਠਣ ਦੇ ਫ਼ੈਸਲੇ ’ਤੇ ਅੰਤਮ ਆਦੇਸ਼ ਵਿਦਿਆਰਥੀਆਂ ਦੇ ਪੱਖ ਵਿੱਚ ਸੁਣਾਇਆ ਹੈ ਜੋ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਵੱਡੀ ਜਿੱਤ ਹੈ। ਹਾਂਲਾਕਿ ਇਸ ਤੋਂ ਪਹਿਲਾ ਵੀ ਅਦਾਲਤ ਨੇ ਆਪਣਾ ਅੰਤਰਿਮ ਆਦੇਸ਼ ਸਿੱਖਾਂ ਦੇ ਹੱਕ ’ਚ ਹੀ ਦਿੱਤਾ ਸੀ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਮਹੱਤਵਪੂਰਣ ਸਫ਼ਲਤਾ ਹੱਥ ਲੱਗੀ ਹੈ। ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ ਯਾਨੀ ਪੰਜ ਕੱਕਾਰ ਧਾਰਨ ਦਾ ਪੂਰਾ ਹੱਕ ਹੈ।