ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਐਜਾਜ਼ ਖਾਨ ਨਾਲ ਮੁਲਾਕਾਤ ਕਰਕੇ ਸਿੱਖਾਂ ਦੇ ਮਸਲੇ ਉਠਾਏ ਹਨ। ਵਫ਼ਦ ਨੇ ਪਾਕਿਸਤਾਨ ’ਚ ਵਸਦੇ ਘੱਟ ਗਿਣਤੀ ਭਾਈਚਾਰੇ ਦੇ ਸਿੱਖ-ਹਿੰਦੂ ਪਰਿਵਾਰ ਦੀਆਂ ਕੁੜੀਆਂ ਨੂੰ ਅਗਵਾ ਕਰਨ ਤੇ ਘੱਟ-ਗਿਣਤੀਆਂ ਦੇ ਪਰਿਵਾਰਾਂ ਨੂੰ ਨਿੱਤ ਦਰਪੇਸ਼ ਮੁਸ਼ਕਲਾਂ ਸਬੰਧੀ ਇਤਰਾਜ਼ ਪ੍ਰਗਟ ਕਰਦਿਆਂ ਇਨ੍ਹਾਂ ਦੇ ਹੱਲ ਲਈ ਮੰਗ-ਪੱਤਰ ਵੀ ਸੌਂਪਿਆ। ਭਾਰਤ ’ਚ ਵਸਦੇ ਦੀਨਾ ਕੌਰ ਦੇ ਕੁਝ ਪਰਿਵਾਰਕ ਮੈਂਬਰਾਂ ਨੇ ਵਫ਼ਦ ਨਾਲ ਮੁਲਾਕਾਤ ਕਰਕੇ ਇਸ ਮਾਮਲੇ ’ਚ ਮਦਦ ਦੀ ਮੰਗ ਵੀ ਕੀਤੀ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਪਾਕਿਸਤਾਨ ’ਚ ਵਸਦੇ ਸਿੱਖ-ਹਿੰਦੂ ਪਰਿਵਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਨਾ ਕਰਵਾਇਆ ਗਿਆ ਤਾਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੌਮਾਂਤਰੀ ਪੱਧਰ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਪਾਕਿਸਤਾਨ ’ਚ ਇਸ ਤੋਂ ਪਹਿਲਾਂ ਵੀ ਹਿੰਦੂ-ਸਿੱਖ ਪਰਿਵਾਰਾਂ ਦੀਆਂ ਕੁੜੀਆਂ ’ਤੇ ਤਸ਼ੱਦਦ ਕਰਕੇ ਉਨ੍ਹਾਂ ਦਾ ਧਰਮ ਤਬਦੀਲ ਕਰਨ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ ਅਤੇ ਪਾਕਿਸਤਾਨ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖਦੀ ਰਹੀ ਹੈ ਪਰ ਇਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦਿੱਲੀ ਦੇ ਚਾਣਕਿਆਪੁਰੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਐਜਾਜ਼ ਖ਼ਾਨ ਨੂੰ ਮੰਗ-ਪੱਤਰ ਸੌਂਪਣ ਮਗਰੋਂ ਹਰਮੀਤ ਸਿੰਘ ਕਾਲਕਾ ਨੇ ਮੁਲਾਕਾਤ ਮਗਰੋਂ ਕਿਹਾ ਕਿ ਪਾਕਿਸਤਾਨੀ ਸੂਬੇ ਖੈਬਰ ਪਖਤੂਨਖਵਾ ਦੇ ਜ਼ਿਲ੍ਹਾ ਬੁਨੇਰ ਅਧੀਨ ਪੀਰ ਬਾਬਾ ਟਾਊਨ ਵਿੱਚ ਸਿੱਖ ਕੁੜੀ ਦੀਨਾ ਕੌਰ (25) ਦੇ ਮਾਮਲੇ ’ਚ ਮੁਲਜ਼ਮ ਨੂੰ ਉਥੋਂ ਦੇ ਪੁਲੀਸ-ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਤਾਂ ਕੀਤਾ ਗਿਆ ਹੈ ਪਰ ਇਸ ਮਾਮਲੇ ’ਚ ਲਗਾਤਾਰ ਢਿੱਲ ਵੀ ਵਰਤੀ ਜਾ ਰਹੀ ਹੈ। ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ’ਚ ਸਿੱਖ ਜਰਨੈਲ ਹਰੀ ਸਿੰਘ ਨਲੂਆ ਦਾ ਬੁੱਤ ਢਾਹੇ ਜਾਣ ’ਤੇ ਵੀ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਪਾਕਿਸਤਾਨ ’ਚ ਵਸਦੇ ਘੱਟ ਗਿਣਤੀ ਭਾਈਚਾਰੇ ਦੇ ਸਿੱਖਾਂ-ਹਿੰਦੂਆਂ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ।