
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਦਿੱਲੀ ਵਿੱਚ ਜੀ-20 ਸੰਮੇਲਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਪੱਤਰ ਲਿਖਿਆ ਹੈ। ਪੱਤਰ ਰਾਹੀਂ ਉਨ੍ਹਾਂ ਜੀ-20 ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਹੈ। ਉਪ ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਕਿਹਾ ਕਿ ਜੀ-20 ਦੀਆਂ ਬਹੁਤੀਆਂ ਮਹੱਤਵਪੂਰਨ ਗਤੀਵਿਧੀਆਂ ਦਿੱਲੀ ਵਿੱਚ ਹੀ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਜੀ-20 ਸੰਮੇਲਨ ਦੀਆਂ ਤਿਆਰੀਆਂ ਲਈ ਬਣਾਈਆਂ ਗਈਆਂ ਵਿਸ਼ੇਸ਼ ਯੋਜਨਾਵਾਂ ਲਈ 927 ਕਰੋੜ ਰੁਪਏ ਦੀ ਲੋੜ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੇਂਦਰੀ ਟੈਕਸਾਂ ਦੇ ਹਿੱਸੇ ਵਜੋਂ ਦਿੱਲੀ ਸਰਕਾਰ ਨੂੰ ਕੋਈ ਪੈਸਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਾ ਤਾਂ ਭਾਰਤ ਸਰਕਾਰ ਵੱਲੋਂ ਦਿੱਲੀ ਸਰਕਾਰ ਨੂੰ ਕੋਈ ਵਾਧੂ ਗਰਾਂਟ ਦਿੱਤੀ ਜਾਂਦੀ ਹੈ। ਇੱਥੋਂ ਤੱਕ ਕਿ ਦੇਸ਼ ਦੇ ਸਾਰੇ ਰਾਜਾਂ ਦੀਆਂ ਨਗਰ ਨਿਗਮਾਂ ਨੂੰ ਉਨ੍ਹਾਂ ਦੀ ਆਬਾਦੀ ਦੇ ਹਿਸਾਬ ਨਾਲ ਜੋ ਰਾਸ਼ੀ ਦਿੱਤੀ ਜਾਂਦੀ ਹੈ, ਉਹ ਵੀ ਦਿੱਲੀ ਨਗਰ ਨਿਗਮ ਨੂੰ ਨਹੀਂ ਦਿੱਤੀ ਜਾਂਦੀ। ਆਪਣੇ ਨਿਯਮਤ ਸੀਮਤ ਸਰੋਤਾਂ ਦੇ ਨਾਲ, ਦਿੱਲੀ ਸਰਕਾਰ ਲਈ ਜੀ-20 ਬੈਠਕ ਦੀਆਂ ਤਿਆਰੀਆਂ ਲਈ ਵਾਧੂ 927 ਕਰੋੜ ਰੁਪਏ ਖਰਚ ਕਰਨਾ ਆਸਾਨ ਨਹੀਂ ਹੋਵੇਗਾ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੀ ਇਨ੍ਹਾਂ ਕੋਸ਼ਿਸ਼ਾਂ ਦੀ ਲਗਾਤਾਰ ਸਮੀਖਿਆ ਕਰ ਰਹੇ ਹਨ। ਉਪ ਰਾਜਪਾਲ ਨੇ ਜੀ-20 ਦੀਆਂ ਤਿਆਰੀਆਂ ਲਈ ਇਨ੍ਹਾਂ ਸਾਰੇ ਯਤਨਾਂ ਅਤੇ ਪ੍ਰੋਗਰਾਮਾਂ ਲਈ ਵੀ ਸਹਿਮਤੀ ਜਤਾਈ ਹੈ।
ਦਿੱਲੀ ਸਰਕਾਰ ਇਸ ਜੀ-20 ਮੀਟਿੰਗ ਦੇ ਸੰਗਠਨ ਨੂੰ ਸਫਲ ਬਣਾਉਣ ਦੀ ਦਿਸ਼ਾ ਵਿੱਚ ਭਾਰਤ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੂਰੀ ਦਿੱਲੀ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਜੀ-20 ਸੰਮੇਲਨ ਬੈਠਕ ਦੌਰਾਨ ਇੱਥੇ ਆਉਣ ਵਾਲੇ ਅੰਤਰਰਾਸ਼ਟਰੀ ਮਹਿਮਾਨਾਂ ਦੀ ਮੇਜ਼ਬਾਨੀ ‘ਚ ਕੋਈ ਕਮੀ ਨਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 21ਵੀਂ ਸਦੀ ਦੇ ਭਾਰਤ ਦੀ ਰਾਜਧਾਨੀ ਦਿੱਲੀ ਤੋਂ ਅਭੁੱਲ ਯਾਦਾਂ ਲੈ ਕੇ ਪਰਤਣਾ ਚਾਹੀਦਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ