ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਸੋਨੀਪਤ ਨੂੰ ਰਵਾਨਾ ਹੋ ਗਿਆ। ਥਾਂ-ਥਾਂ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੀ ਸ਼ਾਮਲ ਸਨ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਾਡੇ ਜੀਵਨ ਵਿਚ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਤਿਲਕ ਵਿਹਾਰ ਤੋਂ ਬਾਦਲ ਧੜੇ ਦੇ ਉਮੀਦਵਾਰ ਆਤਮਾ ਸਿੰਘ ਲੁਬਾਣਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਬਦੌਲਤ ਅੱਜ ਹਿੰਦੋਸਤਾਨ ਦਾ ਵਜੂਦ ਹੈ। ਇੰਦਰਜੀਤ ਸਿੰਘ ਮੌਂਟੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਰਾਖੀ ਲਈ ਖਾਸ ਤੌਰ ‘ਤੇ ਹਿੰਦੂ ਧਰਮ ਦੀ ਰਾਖੀ ਵਾਸਤੇ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਸਿਰਫ ਇਕ ਸਿੱਖ ਕੌਮ ਹੀ ਅਜਿਹੀ ਕੌਮ ਹੈ ਜਿਸ ਦਾ ਇਤਿਹਾਸ ਸ਼ਹਾਦਤਾਂ ਤੇ ਮਨੁੱਖਤਾ ਦੀ ਸੇਵਾ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਹੀ ਅਸੀਂ ਮਨੁੱਖਤਾ ਦੀ ਸੇਵਾ ਕਰਨ ਵਿਚ ਹਮੇਸ਼ਾ ਮੋਹਰੀ ਰਹੇ ਹਾਂ ਤੇ ਹਮੇਸ਼ਾ ਰਹਾਂਗੇ।