ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਕਤੂਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤਉਲ੍ਹਾ ਖਾਨ ਨੂੰ ਦਿੱਲੀ ਵਕਫ਼ ਬੋਰਡ ਦਾ ਚੇਅਰਮੈਨ ਚੁਣਨ ਲਈ ਮੀਟਿੰਗ ਤੋਂ ਪਹਿਲਾਂ ਹੀ ਦਿੱਲੀ ਹਾਈ ਕੋਰਟ ਨੇ ਰਾਜ ਸਰਕਾਰ ਨੂੰ ਸਵਾਲ ਕੀਤਾ ਕਿ ਜਦੋਂ ਬੇਨਿਯਮੀਆਂ ਦੇ ਦੋਸ਼ਾਂ ’ਤੇ ਅਮਾਨਤੁੱਲਾ ਖ਼ਾਨ ਖ਼ਿਲਾਫ਼ ਵਿਸ਼ੇਸ਼ ਆਡਿਟ ਚੱਲ ਰਹੀ ਹੈ, ਤਾਂ ਉਸ ਨੂੰ ਇਹ ਪ੍ਰਵਾਨਗੀ ਕਿਸ ਤਰ੍ਹਾਂ ਦਿੱਤੀ ਜਾ ਸਕਦੀ ਹੈ। ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨ ਵਾਲੇ ਇਕਬਾਲ ਖਾਨ ਨੇ ਅਦਾਲਤ ’ਚ ਕਿਹਾ ਸੀ ਕਿ ਇਸ ਮੀਟਿੰਗ ਵਿੱਚ ਅਮਾਨਤੁੱਲਾ ਨੂੰ ਵਕਫ਼ ਬੋਰਡ ਦਾ ਚੇਅਰਮੈਨ ਚੁਣਿਆ ਜਾ ਸਕਦਾ ਹੈ ਜਦੋਂ ਕਿ ਜਾਂਚ ਚੱਲ ਰਹੀ ਹੈ। ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਜਦੋਂ ਵਿਧਾਇਕ ਖ਼ਿਲਾਫ਼ ਜਾਂਚ ਚੱਲ ਰਹੀ ਹੈ ਤਾਂ ਉਹ ਇਸ ਪ੍ਰਣਾਲੀ ਦਾ ਹਿੱਸਾ ਕਿਉਂ ਹੋਣੇ ਚਾਹੀਦੇ ਹਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ‘ਚ ਅਜੇ ਕੋਈ ਫੈਸਲਾ ਨਹੀਂ ਦਿੱਤਾ। ਦੱਸਣਯੋਗ ਹੈ ਕਿ ਹੁਣ ਇਸ ਦੀ ਸੁਣਵਾਈ 9 ਨਵੰਬਰ ਨੂੰ ਹੋਵੇਗੀ, ਕਿਉਂਕਿ ਵਕਫ਼ ਬੋਰਡ ਦੀ ਬੈਠਕ ਮੁਲਤਵੀ ਕਰ ਦਿੱਤੀ ਗਈ ਸੀ ਤੇ ਹੁਣ ਇਹ ਬੈਠਕ 19 ਨਵੰਬਰ ਨੂੰ ਹੋਣੀ ਹੈ। ਇਸ ਮੌਕੇ ਵਿਧਾਇਕ ਤਰਫੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਵਿਧਾਇਕ ਖਿਲਾਫ ਨਾ ਕੋਈ ਰਿਪੋਰਟ, ਇਲਜ਼ਾਮ ਹੈ ਤੇ ਨਾ ਹੀ ਉਸ ਨੂੰ ਚੋਣ ਲੜਨ ਤੋਂ ਰੋਕਿਆ ਗਿਆ ਹੈ।