ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਦੁਨੀਆਂ ਭਰ ਵਿਚ ਬੈਠੀ ਨਾਨਕ ਨਾਮ ਲੇਵਾ ਸੰਗਤ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਇਹ ਬਹੁਤ ਵੱਡੀ ਰਾਹਤ ਹੈ ਤੇ ਇਸ ਸਦਕਾ ਦੇਸ਼ ਤੇ ਦੁਨੀਆ ਭਰ ਦੇ ਸਿੱਖ ਜੋ ਭਾਰਤ ਆਉਂਦੇ ਹਨ, ਉਹ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਖੁਸ਼ਖਬਰੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਉਹ ਉਹਨਾਂ ਸਾਰੇ ਲੋਕਾਂ ਦਾ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਉਹਨਾਂ ਸਾਰੀਆਂ ਸੰਸਥਾਵਾਂ ਤੇ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੇ ਇਹ ਲਾਂਘਾ ਮੁੜ ਖੁੱਲ੍ਹਵਾਉਣ ਲਈ ਯਤਨ ਕੀਤੇ ਤੇ ਆਵਾਜ਼ ਬੁਲੰਦ ਕੀਤੀ। ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਇਲਾਵਾ ਹੋਰ ਖੁਸ਼ੀ ਦੀ ਗੱਲ ਕੀ ਹੋ ਸਕਦੀ ਹੈ। ਉਹ ਸਮੁੱਚੀ ਸੰਗਤ ਨੂੰ ਇਹ ਲਾਂਘਾ ਖੁੱਲ੍ਹਣ ਤੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਦੇ ਸਬੱਬ ਬਣਨ ਦੀਆਂ ਬਹੁਤ ਬਹੁਤ ਵਧਾਈਆਂ ਦਿੰਦੇ ਹਨ।