ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 30 ਜੁਲਾਈ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਆਪਣੇ ਆਪ ਨੂੰ ਭਗਤ ਸਿੰਘ ਦੇ ਵਾਰਿਸ ਕਹਾਉਣ ਵਾਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਨੂੰ ਨਸ਼ਿਆਂ ਦੀ ਅੱਗ ਵਿੱਚ ਝੋਕਣ ਤੋਂ ਬਾਅਦ ਨਵੀਂ ਆਬਕਾਰੀ ਨੀਤੀ ਦੀ ਜਾਂਚ ਦੇ ਡਰੋਂ ਇਸ ਨੂੰ ਵਾਪਸ ਲੈਣ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਾਂਗਰਸ ਪਹਿਲੇ ਦਿਨ ਤੋਂ ਹੀ ਕੇਜਰੀਵਾਲ ਸਰਕਾਰ ਵੱਲੋਂ ਜਬਰਦਸਤੀ ਲਾਗੂ ਕੀਤੀ ਗਈ ਸ਼ਰਾਬ ਨੀਤੀ ਵਿਰੁੱਧ ਲੜਾਈ ਲੜ ਰਹੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸ਼ਰਾਬ ਵੱਲ ਝੋਕ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਗਲਤ ਰਾਜਨੀਤੀ ਕਰ ਰਹੇ ਹਨ। ਪਾਰਟੀ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਉਪ ਰਾਜਪਾਲ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿੱਚ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਦੀ ਸਿਫ਼ਾਰਸ਼ ਦਾ ਸਵਾਗਤ ਕਰਦੀ ਹੈ। ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਅਸਤੀਫਾ ਲੈਣ। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨਾਲ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਸ਼ਰਾਬ ਨੀਤੀ ਨੂੰ ਵਾਪਸ ਲੈਣ ਬਾਰੇ ਚਰਚਾ ਹੋਈ ਸੀ ਕਿਉਂਕਿ ਕੇਜਰੀਵਾਲ ਉਪ ਮੁੱਖ ਮੰਤਰੀ ਨੂੰ ਜੇਲ੍ਹ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹਜ਼ਾਰਾਂ ਕਰੋੜ ਦੇ ਭ੍ਰਿਸ਼ਟਾਚਾਰ ਦੀ ਜਾਂਚ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਜੇਲ੍ਹ ਜਾਣਾ ਯਕੀਨੀ ਹੈ।
ਕੇਜਰੀਵਾਲ ਨੂੰ ਗੈਰਕਾਨੂੰਨੀ ਕੰਮਾਂ ਦਾ ਜਵਾਬ ਦੇਣਾ ਪਵੇਗਾ: ਮੀਨਾਕਸ਼ੀ ਲੇਖੀ
ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕੇਜਰੀਵਾਲ ਜਾਂਚ ਤੋਂ ਡਰਦੇ ਹਨ, ਇਸੇ ਲਈ ਉਨ੍ਹਾਂ ਨੇ ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਆਬਕਾਰੀ ਨੀਤੀ ਰਾਹੀਂ ਵੱਡੇ ਪੱਧਰ ’ਤੇ ਕੀਤੇ ਭ੍ਰਿਸ਼ਟਾਚਾਰ ਬਾਰੇ ਦੱਸਣਾ ਬਣਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨੀਤੀ ਵਾਪਸ ਲੈਣ ਨਾਲ ਪਾਪ ਨਹੀਂ ਧੋਤੇ ਜਾਣੇ, ਕੇਜਰੀਵਾਲ ਨੂੰ ਆਪਣੇ ਸਾਰੇ ਗੈਰਕਾਨੂੰਨੀ ਕੰਮਾਂ ਦੇ ਵੇਰਵੇ ਅਤੇ ਜਵਾਬ ਦੇਣੇ ਹੋਣਗੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਨਵੀਂ ਆਬਕਾਰੀ ਨੀਤੀ ਰਾਹੀਂ ਦਿੱਲੀ ਵਿੱਚ ਸ਼ਰਾਬ ਦੀ ਖਪਤ ਤਾਂ ਵਧਾ ਦਿੱਤੀ ਪਰ ਮਾਲੀਆ ਘਟਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਵੱਲੋਂ ਸ਼ਰਾਬ ਮਾਫੀਆ ਨੂੰ ਫਾਇਦਾ ਪਹੁੰਚਾਉਣ ਲਈ ਠੇਕੇਦਾਰਾਂ ਦਾ ਕਮਿਸ਼ਨ 2.5 ਫੀਸਦੀ ਤੋਂ ਵਧਾ ਕੇ 12.5 ਫੀਸਦੀ ਕਰ ਦਿੱਤਾ ਗਿਆ। ਕਮਿਸ਼ਨ ਵਧਾਉਣ ਦੇ ਨਾਂ ’ਤੇ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਕੀਤਾ ਗਿਆ।