ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੁਲਾਈ
ਸਾਕੇਤ ਮੈਟਰੋ ਸਟੇਸ਼ਨ ਨੇੜੇ ਪਾਰਕਿੰਗ ਤੋਂ ਹੋਈ ਬਹਿਸ ਮਗਰੋਂ ਕਥਿਤ ਤੌਰ ’ਤੇ ਲੋਕਾਂ ਵੱਲੋਂ ਪੱਥਰਾਂ ਅਤੇ ਇੱਟਾਂ ਨਾਲ ਵਾਰ ਕੀਤੇ ਜਾਣ ਕਾਰਨ ਇੱਕ ਜਣੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਡਿਪਟੀ ਕਮਿਸ਼ਨਰ (ਦੱਖਣੀ) ਬੇਨੀਤਾ ਮੈਰੀ ਜੈਕਰ ਨੇ ਕਿਹਾ ਕਿ 16 ਜੁਲਾਈ ਨੂੰ ਸਾਕੇਤ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਵਿਅਕਤੀ ਦੇ ਜ਼ਖਮੀ ਹਾਲਤ ਵਿੱਚ ਪਏ ਹੋਣ ਬਾਰੇ ਪੀਸੀਆਰ ਕਾਲ ਮਿਲੀ ਸੀ। ਪੁਲੀਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਜ਼ਖ਼ਮੀ ਨੂੰ ਸਫਦਰਜੰਗ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਦਿਨ ਵਿੱਚ ਹਸਪਤਾਲ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਕਿ ਜ਼ਖ਼ਮੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਿਯਾਂਸ਼ੂ (22) ਵਜੋਂ ਹੋਈ ਹੈ।