ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਜੁਲਾਈ
ਕੌਮੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਐਤਵਾਰ ਨੂੰ ਬਾਰਿਸ਼ ਹੋਈ, ਜਿਸ ਨਾਲ ਗਰਮੀ ਅਤੇ ਵਧਦੇ ਤਾਪਮਾਨ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਤਾਪਮਾਨ 26.4 ਸੈਲਸੀਅਸ ਤੱਕ ਡਿੱਗ ਗਿਆ। ਆਈਐੱਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ-ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 19 ਅਤੇ 20 ਜੁਲਾਈ ਨੂੰ ਖੇਤਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਮੀਂਹ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਪਾਣੀ ਭਰ ਗਿਆ ਸੀ ਅਤੇ ਆਵਾਜਾਈ ਵਿੱਚ ਵਿਘਨ ਪਿਆ। ਇਸ ਤੋਂ ਪਹਿਲਾਂ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਇੰਦਰਪ੍ਰਸਥ ਡਬਲਯੂਐੱਚਓ ਸਟ੍ਰੈਚ, ਪੁਲ ਪ੍ਰਹਲਾਦਪੁਰ ਵਿੱਚ ਰੇਲਵੇ ਅੰਡਰਪਾਸ ਅਤੇ ਮਿੰਟੋ ਪੁਲ ਸਮੇਤ ਦਿੱਲੀ ਦੀਆਂ ਪੁਰਾਣੀਆਂ ਪਾਣੀ ਭਰਨ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ ਸੀ। ਉਪ ਰਾਜਪਾਲ ਨੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਨੂੰ ਫੁਲ-ਪਰੂਫ ਬਣਾਉਣ ਦੇ ਨਿਰਦੇਸ਼ ਦਿੱਤੇ ਸੀ।