ਮੀਂਹ ਤੇ ਗੜਿਆਂ ਨਾਲ ਮੌਸਮ ਦਾ ਮਿਜ਼ਾਜ ਬਦਲਿਆ
ਘੱਟ ਤੋਂ ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਦਰਜ; ਹਵਾ ਪ੍ਰਦੂਸ਼ਣ ਵਿੱਚ ਸੁਧਾਰ
ਦਿੱਲੀ-ਐੱਨਸੀਆਰ ਵਿੱਚ ਅੱਜ ਸਵੇਰੇ ਮੀਂਹ ਅਤੇ ਗੜਿਆਂ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ। ਇਸ ਦੌਰਾਨ ਕਈ ਖੇਤਰਾਂ ਵਿੱਚ ਭਰਵੇਂ ਮੀਂਹ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ ਪਾਲਮ ਵਿੱਚ 3.4 ਮਿਲੀਮੀਟਰ, ਰਿਜ ਵਿੱਚ 3.0 ਮਿਲੀਮੀਟਰ ਅਤੇ ਪੀਤਮਪੁਰਾ ਵਿੱਚ 2.0 ਮਿਲੀਮੀਟਰ ਮੀਂਹ ਪਿਆ ਹੈ। ਮੀਂਹ ਮਗਰੋਂ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਅੱਜ ਘੱਟ ਤੋਂ ਘੱਟ ਤਾਪਮਾਨ 8.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਦਿੱਲੀ ਐੱਨਸੀਆਰ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਪੱਛਮੀ ਗੜਬੜੀ ਕਾਰਨ ਦਿੱਲੀ ਵਿੱਚ ਤੇਜ਼ ਹਵਾ ਮਗਰੋਂ ਮੀਂਹ ਪੈਣਾ ਸ਼ੁਰੂ ਹੋ ਗਿਆ, ਜੋ ਰੁਕ-ਰੁਕ ਕੇ ਸਾਰਾ ਦਿਨ ਪੈਂਦਾ ਰਿਹਾ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਵਿੱਚ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਦੇ ਆਸ-ਪਾਸ ਸੀ। ਦੂਜੇ ਪਾਸੇ ਦਿੱਲੀ ਦੀ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਅੱਜ ਸਵੇਰੇ 9 ਵਜੇ ਕੇਂਦਰੀ ਪ੍ਰਦੂਸ਼ਣ ਕੰਟੋਰਲ ਬੋਰਡ ਨੇ ਏ ਕਿਊ ਆਈ 294 ਦਰਜ ਕੀਤਾ, ਜੋ ‘ਮਾੜੀ’ ਸ਼੍ਰੇਣੀ ਵਿੱਚ ਆਉਂਦਾ ਹੈ। ਵਿਭਾਗ ਨੇ ਉਮੀਦ ਪ੍ਰਗਟਾਈ ਕਿ ਮੀਂਹ ਕਾਰਨ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋਵੇਗਾ। ਫਰੀਦਾਬਾਦ ਵਿੱਚ ਮੀਂਹ ਪੈਣ ਕਾਰਨ ਫਸਲਾਂ ਨੂੰ ਖਾਸਾ ਨੁਕਸਾਨ ਹੋਇਆ। ਕਿਸਾਨਾਂ ਨੇ ਦੱਸਿਆ ਕਿ ਦਿੱਲੀ ਐੱਨਸੀਆਰ ਵਿੱਚ ਸਬਜ਼ੀ ਫਲ ਅਤੇ ਫੁੱਲਾਂ ਦੀ ਖੇਤੀ ਕੀਤੀ ਜਾਂਦੀ ਹੈ। ਗੜੇਮਾਰੀ ਕਾਰਨ ਇਨ੍ਹਾਂ ਫਸਲਾਂ ਨੂੰ ਨੁਕਸਾਨ ਹੋਇਆ ਹੈ। ਐੱਨਸੀਆਰ ਦੇ ਫਰੀਦਾਬਾਦ, ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ, ਸੋਨੀਪਤ, ਪਾਣੀਪਤ ਵਿੱਚ ਸਬਜ਼ੀਆਂ ਫੁੱਲਾਂ ਅਤੇ ਫਲਾਂ ਦੀ ਖੇਤੀ ਕੀਤੀ ਜਾਂਦੀ ਹੈ। ਸਮਾਜ ਸੇਵੀ ਸੁਖਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਯਮੁਨਾ ਪਾਰ ਦੇ ਇਲਾਕਿਆਂ ਵਿੱਚ ਫ਼ਲਾਂ ਤੇ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਅਲੀਪੁਰ ਦੇ ਕਿਸਾਨ ਸੰਜੇ ਮਾਨ ਨੇ ਦੱਸਿਆ ਕਿ ਉੱਤਰੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਕਾਰਨ ਫੁੱਲਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਹੋਇਆ ਹੈ।

