ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ ਸਕੂਲਾਂ ਨੂੰ ਮਿਲੀਆਂ ਧਮਕੀਆਂ ਤੋਂ ਬਾਅਦ ਹੁਣ ਦਿੱਲੀ ਸਕੱਤਰੇਤ ਅਤੇ ਦਿੱਲੀ ਵਿਧਾਨ ਸਭਾ ਨੂੰ ਵੀ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲੀਆਂ ਹਨ। ਇਸ ਖ਼ਬਰ ਨੇ ਪੂਰੇ ਪ੍ਰਸ਼ਾਸਨ ਵਿੱਚ ਹੜਕੰਪ ਮਚਾ ਦਿੱਤਾ ਹੈ।
ਦਿੱਲੀ ਫਾਇਰ ਸਰਵਿਸ ਨੂੰ ਦੁਪਹਿਰ 12 ਵਜੇ ਸਕੱਤਰੇਤ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।
ਦੂਜੇ ਪਾਸੇ, ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਵਿਜੇਂਦਰ ਗੁਪਤਾ ਨੂੰ ਉਨ੍ਹਾਂ ਦੀ ਨਿੱਜੀ ਈਮੇਲ ’ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਧਾਨ ਸਭਾ ਦੇ ਅਧਿਕਾਰਤ ਐਕਸ ਹੈਂਡਲ ਰਾਹੀਂ ਇਸ ਦੀ ਪੁਸ਼ਟੀ ਕੀਤੀ ਗਈ ਹੈ।
ਪੀਕਰ ਨੇ ਇਸ ਬਾਰੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਜਾਣਕਾਰੀ ਦਿੰਦੇ ਹੋਏ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਧੌਲਾ ਕੂਆਂ ਦੇ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ ਦੇ ਏਅਰ ਫੋਰਸ ਸਕੂਲ ਨੂੰ ਵੀ ਅਜਿਹੀਆਂ ਹੀ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਪੂਰੀ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

