ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਦੀ ਸ਼ਕਰਪੁਰ ਇਕਾਈ ਨੇ ਰੋਹਿਣੀ ਖੇਤਰ ਵਿੱਚ ਮੁਕਾਬਲੇ ਤੋਂ ਬਾਅਦ ਕਤਲ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਹੋਏ ਇੱਕ ਕਤਲ ਦੇ ਸਬੰਧ ਵਿੱਚ ਲੋੜੀਂਦੇ ਸਨ। ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲੀਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕਤਲ ਮਾਮਲੇ ਦੇ ਮੁਲਜ਼ਮ ਸੈਕਟਰ 28, ਰੋਹਿਣੀ ਦੇ ਆਸ-ਪਾਸ ਮੌਜੂਦ ਹੋ ਸਕਦੇ ਹਨ।
ਇਸ ਸੂਚਨਾ ’ਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਫੜਨ ਲਈ ਇੱਕ ਯੋਜਨਾਬੱਧ ਜਾਲ ਵਿਛਾਇਆ। ਥੋੜ੍ਹੀ ਦੇਰ ਬਾਅਦ ਤਿੰਨੋਂ ਅਪਰਾਧੀ ਸੈਕਟਰ 28 ਖੇਤਰ ਵਿੱਚ ਪਹੁੰਚ ਗਏ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਪੁਲੀਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਪੁਲੀਸ ਨੇ ਜਵਾਬੀ ਕਾਰਵਾਈ ਕਰਦਿਆਂ ਤਿੰਨੋਂ ਮੁਲਜ਼ਮਾਂ ’ਤੇ ਗੋਲੀਬਾਰੀ ਕੀਤੀ ਤੇ ਤਿੰਨਾਂ ਦੀਆਂ ਲੱਤਾਂ ’ਤੇ ਗੋਲੀਆਂ ਲੱਗੀਆਂ। ਗੋਲੀਆਂ ਲੱਗਣ ਨਾਲ ਜ਼ਖਮੀ ਹੋਏ ਤਿੰਨ ਮੁਲਜ਼ਮਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਮੁਲਜ਼ਮ ਕਿਸੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਾਸਤਰੀ ਕਤਲ ਕੇਸ ਬਾਰੇ ਹੋਰ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਮੁਲਜ਼ਮਾਂ ਬਾਰੇ ਪੁੱਛ-ਪੜਤਾਲ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਅਗਲੀ ਕਾਰਵਾਈ ਜਾਰੀ ਹੈ।

