ਦਿੱਲੀ ਵਿੱਚ ਇਮਾਰਤ ਡਿੱਗਣ ਕਾਰਨ ਤਿੰਨ ਮੌਤਾਂ
ਕੇਂਦਰੀ ਦਿੱਲੀ ਦੇ ਦਰਿਆਗੰਜ ਵਿੱਚ ਸਦਭਾਵਨਾ ਪਾਰਕ ਨੇੜੇ ਬੁੱਧਵਾਰ ਨੂੰ ਇੱਕ ਇਮਾਰਤ ਡਿੱਗਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਸਦਭਾਵਨਾ ਪਾਰਕ ਨੇੜੇ ਇੱਕ ਇਮਾਰਤ ਡਿੱਗ ਗਈ, ਜਿਸ ਵਿੱਚ ਜ਼ੁਬੈਰ, ਗੁਲਸਾਗਰ ਅਤੇ ਤੌਫੀਕ ਸਮੇਤ ਤਿੰਨ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਪਟੀ ਕਮਿਸ਼ਨਰ ਆਫ ਪੁਲੀਸ (ਕੇਂਦਰੀ) ਨਿਧਿਨ ਵਾਲਸਨ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ (ਐੱਲਐੱਨਜੇਪੀ) ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ, "ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬਚਾਅ ਕਾਰਜ ਜਾਰੀ ਹਨ। ਤੱਥਾਂ ਦੀ ਪੁਸ਼ਟੀ ਕਰਨ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।" ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਘਟਨਾ ਦੀ ਸੂਚਨਾ ਦੁਪਹਿਰ 12.14 ਵਜੇ ਮਿਲੀ, ਜਿਸ ਤੋਂ ਬਾਅਦ ਚਾਰ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਉਨ੍ਹਾਂ ਕਿਹਾ, "ਤਿੰਨ ਜਣਿਆਂ ਨੂੰ ਮਲਬੇ ਵਿੱਚੋਂ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ।" ਅਧਿਕਾਰੀਆਂ ਨੇ ਕਿਹਾ ਕਿ ਆਖਰੀ ਰਿਪੋਰਟ ਮਿਲਣ ਤੱਕ ਬਚਾਅ ਕਾਰਜ ਜਾਰੀ ਸਨ। ਇਮਾਰਤ ਦੇ ਡਿੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ।