ਗੁਰੂ ਹਰਿਕ੍ਰਿਸ਼ਨ ਹਸਪਤਾਲ ’ਚ ਸ਼ੁਰੂ ਹੋਵੇਗਾ ਦਿਲ ਦੇ ਰੋਗਾਂ ਦਾ ਇਲਾਜ
ਦਿੱਲੀ ਦੀਆਂ ਸੰਗਤਾਂ ਨੂੰ ਛੇਤੀ ਹੀ ਦਿਲ ਦੇ ਰੋਗਾਂ ਦੇ ਇਲਾਜ ਲਈ ਇੱਕ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਵਿੱਚ ਅਤਿ-ਆਧੁਨਿਕ ਕਾਰਡੀਓਲੋਜੀ ਵਿਭਾਗ (ਦਿਲ ਦੇ ਰੋਗਾਂ ਦਾ ਵਿਭਾਗ) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿੱਥੇ ਦਿਲ ਦੇ ਰੋਗਾਂ ਦੇ ਅਪਰੇਸ਼ਨ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਹ ਐਲਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਦੌਰਾਨ ਕੀਤਾ ਗਿਆ। ਦਿੱਲੀ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਹੋਏ, ਜਿੱਥੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਇਆ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਕੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਐੱਮ.ਆਰ.ਆਈ. ਤੇ ਸੀ.ਟੀ. ਸਕੈਨ ਅਤੇ ਬਾਲਾ ਸਾਹਿਬ ਹਸਪਤਾਲ ਵਿੱਚ ਮੁਫ਼ਤ ਡਾਇਲਸਿਸ ਦੀ ਸੇਵਾ ਸਫ਼ਲਤਾਪੂਰਵਕ ਚਲਾ ਰਹੀ ਹੈ, ਜਿੱਥੇ ਹੁਣ ਤੱਕ 1 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ।
