ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਯੂਥ ਕਾਂਗਰਸ ਨੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਅਗਵਾਈ ਹੇਠ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਮੀਟਿੰਗ ਕੀਤੀ ਗਈ। ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਦੇਸ਼ ਦੇ ਲੋਕਤੰਤਰ ਤੇ ‘ਅੰਨਦਾਤਾ’ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਸੰਸਦ ਦੇ ਅੰਦਰ ਇਸ ਗੱਲ ਦੀ ਚਰਚਾ ਹੋਵੇ ਕਿ ਇਹ ਤਿੰਨ ਕਾਲੇ ਖੇਤੀ ਕਾਨੂੰਨ ਕਿਸ ਲਈ ਲਿਆਂਦੇ ਗਏ ਸਨ ਤੇ ਹੁਣ ਜਦੋਂ ਇਨ੍ਹਾਂ ਨੂੰ ਵਾਪਸ ਲਿਆ ਜਾ ਰਿਹਾ ਹੈ ਤਾਂ ਸਰਕਾਰ ਦੱਸੇ ਕਿ ਸਰਕਾਰ ਨੇ ਇਹ ਕਾਨੂੰਨ ਕਿਉਂ ਲਿਆ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਇੰਨੀ ਦੇਰ? ਸਰਕਾਰ ਨੂੰ ਲਖੀਮਪੁਰ ਖੇੜੀ ਵਿੱਚ ਹੋਏ ਕਿਸਾਨ ਕਤਲ ਕਾਂਡ ਬਾਰੇ ਵੀ ਵਿਸਥਾਰ ਵਿੱਚ ਚਰਚਾ ਕਰਨੀ ਚਾਹੀਦੀ ਹੈ ਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਘਰਸ਼, ਕੁਰਬਾਨੀ ਦਾ ਪ੍ਰਤੀਕ ਬਣੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਾਰੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇ। ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹੋਰ ਵੀ ਮੁਸ਼ਕਲਾਂ ਹਨ। ਐੱਮ.ਐੱਸ.ਪੀ., ਕਰਜ਼ਾ ਮੁਆਫੀ, ਲੰਬੀ ਸੂਚੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ ਤੇ ਅੰਨਦਾਤਾ ਨੂੰ ਸੜਕਾਂ ’ਤੇ ਬੈਠਣ ਲਈ ਮਜਬੂਰ ਨਾ ਕੀਤਾ ਜਾਏ।