ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜਨਵਰੀ
ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਤੇ ਪੀੜਤਾ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 11 ਤੇ 12 ਸਾਲ ਦੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਬੱਚੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਉਹ ਇਸ ਸਮੇਂ ਆਈਸੀਯੂ ਵਿੱਚ ਹੈ।
ਕਮਿਸ਼ਨ ਨੇ ਪੁਲੀਸ ਨੂੰ ਨੋਟਿਸ ਭੇਜ ਕੇ ਇਸ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਉੱਤਰ-ਪੂਰਬੀ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਸੋਮਵਾਰ ਸ਼ਾਮ ਨੂੰ ਉਹ ਆਪਣੇ ਦੋਸਤਾਂ ਨਾਲ ਖੇਡਣ ਲਈ ਘਰੋਂ ਨਿਕਲੀ ਸੀ ਪਰ ਉਸ ਦੇ ਇਲਾਕੇ ਦੇ ਹੀ 12 ਸਾਲਾ ਲੜਕੇ ਨੇ ਕਥਿਤ ਤੌਰ ’ਤੇ ਉਸ ਨੂੰ ਖੇਡਣ ਦੇ ਬਹਾਨੇ ਆਪਣੇ ਘਰ ਬੁਲਾ ਲਿਆ। ਪੁਲੀਸ ਨੇ ਕਿਹਾ ਕਿ ਉਸ ਨੇ ਤੇ ਉਸ ਦੇ ਦੋਸਤ ਨੇ ਉੱਥੇ ਉਸ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ।
ਪੁਲੀਸ ਦੇ ਅਨੁਸਾਰ, ਲੜਕੀ ਦੇ ਘਰ ਵਾਪਸ ਆਉਣ ਤੋਂ ਬਾਅਦ ਉਸਨੇ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ ਤੇ ਉਸਦੇ ਮਾਪਿਆਂ ਨੇ ਦੇਖਿਆ ਕਿ ਉਹ ਜ਼ਖਮੀ ਸੀ ਤੇ ਖੂਨ ਵਹਿ ਰਿਹਾ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਲੜਕੀ ਦੀ ਮਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਤੇ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਗਵਾ, ਜਬਰ-ਜਨਾਹ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਤੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।