ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੁਲਾਈ
ਦਿੱਲੀ ਪੁਲੀਸ ਦੇ ਦੋ ਕਰਮਚਾਰੀਆਂ ਨੂੰ ਕਥਿਤ ਤੌਰ ’ਤੇ ਦੋ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲੀਸ ਨੇ ਦੱਸਿਆ ਕਿ ਇੱਕ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਦੋ ਪੁਲੀਸ ਅਧਿਕਾਰੀਆਂ- ਸਾਈਬਰ ਸੈੱਲ (ਪੂਰਬੀ) ਦੇ ਐੱਸਐੱਚਓ ਅਤੇ ਉਸ ਦੇ ਮਾਤਹਿਤ ਨੂੰ ਪੂਰਬੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲੀਸ ਨੇ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਸ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪੂਰਬੀ ਜ਼ਿਲ੍ਹੇ ਦੇ ਸਾਈਬਰ ਪੁਲੀਸ ਸਟੇਸ਼ਨ ਦੇ ਏਐੱਸਆਈ ਵਿਜੇਂਦਰ ਤੇ ਸਟੇਸ਼ਨ ਹਾਊਸ ਅਫ਼ਸਰ ਇੱਕ ਕੇਸ ਦੀ ਜਾਂਚ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਵਾਂ ਨੇ ‘ਮਾਮਲਾ ਨਿਪਟਾਉਣ’ ਲਈ ਦੋ ਲੱਖ ਰੁਪਏ ਦੀ ਮੰਗ ਕੀਤੀ ਸੀ। ਦਿੱਲੀ ਪੁਲੀਸ ਨੇ ਸ਼ਿਕਾਇਤਕਰਤਾ ਦੇ ਹਵਾਲੇ ਨਾਲ ਕਿਹਾ, ‘‘ਬਾਅਦ ਵਿੱਚ ਜਦੋਂ ਉਹ ਸਾਈਬਰ ਪੁਲੀਸ ਸਟੇਸ਼ਨ ਗਿਆ, ਤਾਂ ਉਨ੍ਹਾਂ ਨੇ ਉਸ ਨੂੰ ਦੁਬਾਰਾ ਰਿਸ਼ਵਤ ਦੀ ਰਕਮ ਦੇਣ ਲਈ ਕਿਹਾ।’’ ਸ਼ਿਕਾਇਤਕਰਤਾ ਨੇ ਕੁਝ ਰਿਕਾਰਡਿੰਗਜ਼ ਵੀ ਪੇਸ਼ ਕੀਤੀਆਂ ਜੋ ਉਸ ਦੇ ਦੋਸ਼ਾਂ ਦੇ ਸਹੀ ਹੋਣ ਦਾ ਸਬੂਤ ਦਿੰਦੀਆਂ ਹਨ। ਪੂਰਬੀ ਜ਼ਿਲ੍ਹੇ ਦੇ ਲੋਕ ਸ਼ਿਕਾਇਤ ਸੈੱਲ ਦੇ ਸਹਾਇਕ ਪੁਲੀਸ ਕਮਿਸ਼ਨਰ ਨੇ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ। ਇਸ ਤੋਂ ਬਾਅਦ ਪੁਲੀਸ ਨੇ ਦੋਵਾਂ ਕਰਮਚਾਰੀਆਂ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ। ਦੋਵੇਂ ਪੁਲੀਸ ਮੁਲਾਜ਼ਮ ਫ਼ਿਲਹਾਲ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਹੋਣ ਤੱਕ ਮੁਅੱਤਲ ਕੀਤੇ ਗਏ ਹਨ।