ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸਲਾਮਤੀ ਲਈ ਜ਼ਰੂਰੀ ਸੁਰੱਖਿਆ ਆਡਿਟ ਕਰਨ ਦੀ ਹਦਾਇਤ
ਕੇਂਦਰੀ ਸਿੱਖਿਆ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਕੂਲਾਂ ਵਿੱਚ ਬੱਚਿਆਂ ਲਈ ਸੁਰੱਖਿਆਂ ਅਤੇ ਸਹੂਲਤਾਂ ਦਾ ਆਡਿਟ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਹਨ। ਸਿੱਖਿਆ ਮੰਤਰਾਲੇ ਨੇ ਸਕੂਲਾਂ ਨੂੰ ਇਮਾਰਤਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।
ਸਿੱਖਿਆ ਮੰਤਰਾਲੇ ਦੇ ਇਹ ਨਿਰਦੇਸ਼ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਦੀ ਘਟਨਾ ਤੋਂ ਬਾਅਦ ਦਿੱਤੇ ਹਨ। ਇਸ ਹਾਦਸੇ ਵਿਚ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ 28 ਬੱਚੇ ਜ਼ਖ਼ਮੀ ਹੋ ਗਏ ਹਨ।
ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੁੂੰ ਵਿਦਿਆਰਥੀਆਂ ਦੀ ਸੁੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਵਿੱਚ ਰਾਸ਼ਟਰੀ ਸੁਰੱਖਿਆ ਕੋਡਾਂ ਅਨੁਸਾਰ ਸਕੂਲਾਂ ਅਤੇ ਬੱਚਿਆਂ ਨਾਲ ਸਬੰਧਤ ਸਹੂਲਤਾਂ ਦਾ ਲਾਜ਼ਮੀ ਸੁਰੱਖਿਆ ਆਡਿਟ, ਐਮਰਜੈਂਸੀ ਤਿਆਰੀ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਲਈ ਸਿਖਲਾਈ ਅਤੇ ਕਾਉਂਸਲਿੰਗ ਸ਼ਾਮਲ ਹੈ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਤਿਆਰੀ ਵਿੱਚ ਸਿਖਲਾਈ ਦਿੱਤੀ ਜਾਵੇ।
ਮੰਤਰਾਲੇ ਨੇ ਸਿਫ਼ਾਰਸ਼ ਕੀਤੀ ਕਿ ਸਮੇਂ-ਸਮੇਂ 'ਤੇ ਸਿਖਲਾਈ ਸੈਸ਼ਨ ਅਤੇ ਮੌਕ ਡ੍ਰਿਲ ਕਰਵਾਉਣ ਲਈ ਸਥਾਨਕ ਅਧਿਕਾਰੀਆਂ ਐਨਡੀਐਮਏ, ਫਾਇਰ ਸਰਵਿਸਿਜ਼, ਪੁਲੀਸ ਅਤੇ ਮੈਡੀਕਲ ਏਜੰਸੀਆਂ ਨਾਲ ਸਹਿਯੋਗ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਸਿਰਫ਼ ਸਰੀਰਿਕ ਤੰਦਰੁਸਤੀ ਹੀ ਨਹੀਂ ਸਗੋ ਮਾਨਸਿਕ ਅਤੇ ਭਾਵਨਾਤਮਕ ਤੌਰ ’ਤੇ ਵੀ ਬੱਚਿਆਂ ਦਰਮਿਆਨ ਜਾਗਰੂਕਤਾ ਪੈਦਾ ਕਰਨੀ ਜ਼ਰੂਰੀ ਹੈ।
ਮੰਤਰਾਲੇ ਨੇ ਕਿਹਾ ਕਿ ਮਾਪਿਆਂ, ਸਰਪ੍ਰਸਤਾਂ, ਭਾਈਚਾਰਕ ਆਗੂਆਂ ਅਤੇ ਸਥਾਨਕ ਸੰਸਥਾਵਾਂ ਨੂੰ ਚੌਕਸ ਰਹਿਣ ਲਈ ਉਤਸ਼ਾਹਿਤ ਕੀਤਾ ਜਾਵੇ। ਮੰਤਰਾਲੇ ਨੇ ਸਕੂਲਾਂ ਨੁੂੂੰ ਬਿਨਾਂ ਦੇਰੀ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।