ਸ਼ਹੀਦੀ ਦਿਹਾੜੇ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ
ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਦਿੱਲੀ ਦੀ ਸਿੱਖ ਸਿਆਸਤ ਵਿੱਚ ਗੁੱਟਬਾਜ਼ੀ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਵਿਰੋਧੀ ਧੜਾ ਇਸ ਦਿਹਾੜੇ ਨੂੰ ਵੱਖ-ਵੱਖ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਤਿੰਨ-ਰੋਜ਼ਾ ਧਾਰਮਿਕ ਸਮਾਗਮ ਉਲੀਕਿਆ ਗਿਆ ਹੈ। ਕਮੇਟੀ ਵੱਲੋਂ ਇਸ ਸਮਾਗਮ ਵਿੱਚ ਦੇਸ਼ ਦੀਆਂ ਪ੍ਰਮੁੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਵੱਡੇ ਪੱਧਰ ’ਤੇ ਯਾਦ ਕੀਤਾ ਜਾ ਸਕੇ।
ਦੂਜੇ ਪਾਸੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਵਿਰੋਧੀ ਧੜੇ ਦੇ ਆਗੂ ਮਨਜੀਤ ਸਿੰਘ ਜੀ.ਕੇ. ਨੇ 16 ਨਵੰਬਰ ਨੂੰ ਦਿੱਲੀ ਤੋਂ ਅੰਮ੍ਰਿਤਸਰ ਦੇ ਗੁਰੂ ਕਾ ਬਾਗ ਤੱਕ ਪੰਜ-ਰੋਜ਼ਾ ਸਾਈਕਲ ਯਾਤਰਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਾਣੀਪਤ, ਕਰਨਾਲ, ਅੰਬਾਲਾ ਅਤੇ ਲੁਧਿਆਣਾ ਦੇ ਰਸਤੇ ਹੁੰਦੀ ਹੋਈ ਅੰਮ੍ਰਿਤਸਰ ਸਾਹਿਬ ਪਹੁੰਚੇਗੀ। ਜ਼ਿਕਰਯੋਗ ਹੈ ਕਿ ਦਿੱਲੀ ਦੀ ਸਿੱਖ ਸਿਆਸਤ ਵਿੱਚ ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ। ਇਸ ਤੋਂ ਪਹਿਲਾਂ ਵੀ ਜਦੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਸੱਤਾ ਵਿੱਚ ਸੀ, ਤਾਂ ਅਹਿਮ ਧਾਰਮਿਕ ਦਿਹਾੜੇ ਵੱਖ-ਵੱਖ ਮਨਾਏ ਜਾਂਦੇ ਰਹੇ ਹਨ।