ਉਪ ਰਾਸ਼ਟਰਪਤੀ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਨਤਮਸਤਕ
ਗੁਰੂ ਤੇਗ ਬਹਾਦਰ ਦੀ ਸ਼ਹਾਦਤ ਬਾਰੇ ਕਿਤਾਬਾਂ ਪ੍ਰਕਾਸ਼ਿਤ ਕਰਨ ਦੀ ਲੋਡ਼: ਰਾਧਾਕ੍ਰਿਸ਼ਨਨ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ’ਤੇ ਦੇਸ਼ ਦੇ ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਅਤੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮੱਥਾ ਟੇਕਿਆ। ਸੀ ਪੀ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਇਤਿਹਾਸਕ ਜਾਣਕਾਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਬਾਰੇ ਦਿੱਤੀ ਗਈ ਹੈ, ਉਸ ਬਾਰੇ ਉਹ ਮਹਿਸੂਸ ਕਰਦੇ ਹਨ ਕਿ ਇਸ ਮਹਾਨ ਸ਼ਹਾਦਤ ਬਾਰੇ ਕਿਤਾਬਾਂ ਪ੍ਰਕਾਸ਼ਿਤ ਕਰਵਾ ਕੇ ਸਾਰੀ ਦੁਨੀਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਾਦਤ ਦੀ ਇਤਿਹਾਸ ਵਿਚ ਕੋਈ ਬਰਾਬਰੀ ਨਹੀਂ ਮਿਲਦੀ ਤੇ ਇਸ ਮਹਾਨ ਕੁਰਬਾਨੀ ਨੂੰ ਜਿੰਨਾ ਨਮਨ ਕੀਤਾ ਜਾਵੇ ਥੋੜ੍ਹਾ ਹੈ।
ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੌਕਾ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਦਿਹਾੜਾ ਹੈ ਜਿਸ ਨੂੰ ਮਨਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਨੇ ਆਪਣੇ ਵੱਲੋਂ ਸੰਭਵ ਹਰ ਉਪਰਾਲਾ ਕੀਤਾ ਹੈ। ਸਿਰਸਾ ਨੇ ਕਿਹਾ ਕਿ ਵਡਭਾਗੇ ਹਾਂ ਕਿ ਜ਼ਿੰਦਗੀ ਵਿਚ ਇਹ ਦਿਹਾੜਾ ਮਨਾਉਣ ਦਾ ਮੌਕਾ ਆਇਆ ਹੈ।

