PM ਨਾਲ ਮੁਲਾਕਾਤ ਤੋਂ ਬਾਅਦ Vikramjit Sahney ਵੱਲੋਂ ਨੌਜਵਾਨਾਂ ਲਈ ਪਹਿਲਕਦਮੀਆਂ ਦਾ ਐਲਾਨ
ਵਿਸ਼ਵ ਪੰਜਾਬੀ ਸੰਸਥਾ ਅਤੇ ਸੰਨ ਫਾਊਂਡੇਸ਼ਨ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਯੂਥ ਫੈਸਿਲਿਟੇਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ: ਸਾਹਨੀ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪੋਸਟ ਰਾਹੀਂ ਨੌਜਵਾਨਾਂ ਲਈ ਦੋ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ। ਸ੍ਰੀ ਸਾਹਨੀ ਨੇ ਨੌਜਵਾਨਾਂ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯਤਨਾਂ ਰਾਹੀਂ ਦੇਸ਼ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੋਜ਼ਗਾਰ, ਸਟਾਰਟਅਪ ਅਤੇ ਇੰਟਰਨਸ਼ਿਪ ਦੇ ਮੌਕੇ ਮਿਲ ਰਹੇ ਹਨ।
ਸੰਸਦ ਮੈਂਬਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਵਿਸ਼ਵ ਪੰਜਾਬੀ ਸੰਸਥਾ ਅਤੇ ਸੰਨ ਫਾਊਂਡੇਸ਼ਨ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਯੂਥ ਫੈਸਿਲਿਟੇਸ਼ਨ ਸੈਂਟਰ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਕੇਂਦਰਾਂ ਰਾਹੀਂ ਨੌਜਵਾਨਾਂ ਨੂੰ ਕਰੀਅਰ ਕਾਊਂਸਲਿੰਗ, ਸਕਿੱਲ ਮੈਪਿੰਗ, ਰੋਜ਼ਗਾਰ, ਉਦਮਸ਼ੀਲਤਾ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ ਆਈ) ਦੀ ਟਰੇਨਿੰਗ ਅਤੇ ਵਿੱਤੀ ਸਹਾਇਤਾ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਇਹ ਕੇਂਦਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਮਾਰਗਦਰਸ਼ਨ ਅਤੇ ਮੌਕੇ ਦੇਣਗੇ।
ਦੂਜੀ ਪਹਿਲਕਦਮੀ ਤਹਿਤ ‘ਨਸ਼ਾ ਮੁਕਤ ਯੁਵਾ ਭਾਰਤ – ਸੱਭਿਆਚਾਰਕ ਸ਼ਾਮਾਂ’ ਦਾ ਆਯੋਜਨ ਕੀਤਾ ਜਾਵੇਗਾ। ਇਸ ਰਾਹੀਂ ਉੱਤਰੀ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ 5,000 ਤੋਂ ਵੱਧ ਨੌਜਵਾਨਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਟੀਚਾ ਰੱਖਿਆ ਗਿਆ ਹੈ।

