Weather: ਕੌਮੀ ਰਾਜਧਾਨੀ ’ਚ ਭਰਵੇਂ ਮੀਂਹ ਕਾਰਨ ਜਲ-ਥਲ
ਤਿੰਨ ਘੰਟੇ ਪਏ ਮੀਂਹ ਨੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹੀ; ਮੌਸਮ ਵਿਭਾਗ ਵੱਲੋਂ ਮੀਂਹ ਲਈ ਰੈੱਡ ਅਲਰਟ ਜਾਰੀ
ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਤਿੰਨ ਘੰਟੇ ਪਏ ਭਰਵੇਂ ਮੀਂਹ ਨੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਇਸ ਦੌਰਾਨ ਕਈ ਇਲਾਕੇ ਜਲ-ਥਲ ਹੋ ਗਏ।
ਸੜਕਾਂ ’ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਆਵਾਜਾਈ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਥਾਵਾਂ ’ਤੇ ਲੋਕ ਕਾਫ਼ੀ ਸਮਾਂ ਜਾਮ ਵਿੱਚ ਫਸ ਰਹੇ। ਜਾਣਕਾਰੀ ਅਨੁਸਾਰ ਮੋਹਲੇਧਾਰ ਮੀਂਹ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਕੰਪਲੈਕਸ, ਸ਼ਿਵਾਜੀ ਸਟੇਡੀਅਮ ਮੈਟਰੋ ਸਟੇਸ਼ਨ ਖੇਤਰ ਸਣੇ ਹੋਰ ਥਾਵਾਂ ’ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਦੂਜੇ ਪਾਸੇ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਅਤੇ ਗਰਜ ਨਾਲ ਭਾਰੀ ਮੀਂਹ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ।
ਜਨਮ ਅਸ਼ਟਮੀ ਉਤਸਵ ਲਈ ਬਾਹਰ ਨਿਕਲੇ ਲੋਕ ਅਚਾਨਕ ਪਏ ਮੋਹਲੇਧਾਰ ਮੀਂਹ ’ਚ ਫਸ ਗਏ। ਇਸ ਦੌਰਾਨ ਸੜਕਾਂ ’ਤੇ ਪਾਣੀ ਭਰ ਗਿਆ ਅਤੇ ਹਰ ਪਾਸੇ ਛੱਤਰੀਆਂ ਨਜ਼ਰ ਆਉਣ ਲੱਗੀਆਂ। ਭਾਰਤੀ ਮੌਸਮ ਵਿਭਾਗ ਅਨੁਸਾਰ ਪਾਲਮ ਵਿੱਚ ਸਵੇਰੇ 11:30 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ 3.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਨਜਫਗੜ੍ਹ ਵਿੱਚ ਸਵੇਰੇ ਸਾਢੇ ਅੱਠ ਵਜੇ ਤੋਂ 11:30 ਵਜੇ ਦੇ ਵਿਚਕਾਰ 0.5 ਮਿਲੀਮੀਟਰ ਮੀਂਹ ਪਿਆ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਨੇ ਪੇਸ਼ੀਨਗੋਈ ਕੀਤੀ ਸੀ ਕਿ ਦੁਪਹਿਰ ਸਵਾ ਦੋ ਵਜੇ ਤੋਂ ਸ਼ਾਮ ਸਵਾ ਚਾਰ ਵਜੇ ਦੇ ਵਿਚਕਾਰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨਾ ਮੀਂਹ, ਜਦੋਂ ਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦੂਜੇ ਪਾਸੇ ਪ੍ਰਦੂਸ਼ਣ ਕੰਟਰੋਲ ਵਿਭਾਗ ਦਾ ਕਹਿਣਾ ਹੈ ਿਕ ਭਰਵੇਂ ਮੀਂਹ ਕਾਰਨ ਸ਼ਹਿਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਘਟਿਆ ਹੈ। ਦਿੱਲੀ ਵਿੱਚ ਹਵਾ ਗੁਣਵੱਤਾ ਦਾ ਪੱਧਰ 74 ਦਰਜ ਕੀਤਾ ਗਿਆ ਹੈ, ਜੋ ਤਸੱਬਖ਼ਸ਼ ਸ਼੍ਰੇਣੀ ਵਿੱਚ ਆਉਂਦਾ ਹੈ।

