ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਵਾਜਬ ਕੀਮਤਾਂ ਵਾਲੀਆਂ ਦੁਕਾਨਾਂ (ਐੱਫਪੀਐੱਸ) ਨੂੰ ਹਫ਼ਤੇ ਦੇ ਸਾਰੇ ਸੱਤ ਦਿਨ ਖੁੱਲ੍ਹੇ ਰੱਖਣ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ ਹੈ ਅਤੇ ਇੱਕ ਨਵੇਂ ਹੁਕਮ ਵਿੱਚ ਅਜਿਹੀਆਂ ਦੁਕਾਨਾਂ ਦੇ ਮਾਲਕਾਂ ਲਈ ਹਫਤਾਵਾਰੀ ਛੁੱਟੀ ਦੀ ਆਗਿਆ ਦਿੱਤੀ ਗਈ ਹੈ। ਅਜਿਹੇ ਰਾਸ਼ਨ ਵੰਡਣ ਵਾਲੇ ਦੁਕਾਨਦਾਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਛੁੱਟੀ ਲੈਣ ਦੀ ਇਜਾਜ਼ਤ ਦੇਣ ਲਈ ਹਾਈ ਕੋਰਟ ਦੇ ਨਿਰਦੇਸ਼ਾਂ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਦਿੱਲੀ ਹਾਈ ਕੋਰਟ ਨੇ 23 ਸਤੰਬਰ ਨੂੰ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਸ਼ਹਿਰ ਵਿੱਚ ਵਾਜਬ ਕੀਮਤਾਂ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਸਰਕਾਰ ਵੱਲੋਂ ਹਫਤਾਵਾਰੀ ਛੁੱਟੀ ਦੀ ਇਜਾਜ਼ਤ ਦਿੱਤੀ ਜਾਵੇਗੀ ।ਦਿੱਲੀ ਸਰਕਾਰ ਦੇ ਖੁਰਾਕ ਵਿਭਾਗ ਨੇ ਹਾਈ ਕੋਰਟ ਦੇ ਨਿਰਦੇਸ਼ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।