ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਪਰੈਲ
‘ਆਪ’ ਦੀ ਪੰਜਾਬ ਇਕਾਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਵਿੱਚ ਨਿਯਮਤ ਸਿਹਤ ਜਾਂਚ ਲਈ ਏਮਸ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਹੁਕਮਾਂ ਲਈ ਅਦਾਲਤ ਦਾ ਧੰਨਵਾਦ ਕੀਤਾ ਹੈ। ਇਸ ਬਾਰੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਕੇਜਰੀਵਾਲ ਨੂੰ ਜੇਲ੍ਹ ਵਿੱਚ ਭਾਜਪਾ ਦੇ ਇਸ਼ਾਰੇ ’ਤੇ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਸੀ ਪਰ ਅਦਾਲਤ ਦੇ ਹੁਕਮਾਂ ਸਦਕਾ ਅੱਜ ਕੇਜਰੀਵਾਲ ਨੂੰ ਇਨਸੁਲਿਨ ਦਿੱਤੀ ਗਈ ਹੈ। ‘ਆਪ’ ਦੇ ਬੁਲਾਰੇ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਪੀਐੱਮਓ ਦੇ ਇਸ਼ਾਰੇ ’ਤੇ ਕੰਮ ਕਰ ਰਹੀਆਂ ਹਨ। ਭਾਜਪਾ ਦੇ ਇਸ਼ਾਰੇ ’ਤੇ ਈਡੀ ਨੇ ਅਰਵਿੰਦ ਕੇਜਰੀਵਾਲ ਦਾ ਜਾਅਲੀ ਡਾਈਟ ਚਾਰਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਲੰਬੇ ਸਮੇਂ ਤੋਂ ਸ਼ੂਗਰ ਦੇ ਮਰੀਜ਼ ਹਨ।