ਈਥਾਨੌਲ ਨੀਤੀ ਖ਼ਿਲਾਫ਼ ਲੋਕਾਂ ਨੂੰ ਇਕੱਠਾ ਕਰਾਂਗੇ: ਕੇਜਰੀਵਾਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਈ-20 (ਈਥਾਨੌਲ ਮਿਸ਼ਰਤ ਈਂਧਣ) ਦੇ ਮੁੱਦੇ ’ਤੇ ਪਹਿਲੀ ਅਗਸਤ ਨੂੰ ਕੌਮੀ ਰਾਜਧਾਨੀ ਵਿੱਚ ਸੰਵਾਦ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ...
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਈ-20 (ਈਥਾਨੌਲ ਮਿਸ਼ਰਤ ਈਂਧਣ) ਦੇ ਮੁੱਦੇ ’ਤੇ ਪਹਿਲੀ ਅਗਸਤ ਨੂੰ ਕੌਮੀ ਰਾਜਧਾਨੀ ਵਿੱਚ ਸੰਵਾਦ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਦੇ ਨਾਲ ਸਬੰਧਤ ਮਾਹਿਰਾਂ ਤੇ ਆਮ ਲੋਕਾਂ ਨੂੰ ਇਕ ਮੰਚ ’ਤੇ ਇਕੱਠਾ ਕੀਤਾ ਜਾਵੇਗਾ।
ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਲੋਕਾਂ ਨੂੰ ‘ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ’ ਵਿੱਚ ਹੋਣ ਵਾਲੇ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ‘‘ਅਸੀਂ ਲੋਕਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਸੱਦਾ ਦੇ ਰਹੇ ਹਾਂ। ਅਸੀਂ ਇਸ ਗੱਲ ’ਤੇ ਚਰਚਾ ਕਰਾਂਗੇ ਕਿ ਈ-20 ਪੈਟਰੋਲ ਦਾ ਫ਼ੈਸਲਾ ਵਾਪਸ ਲੈਣ ਲਈ ਕੇਂਦਰ ਸਰਕਾਰ ’ਤੇ ਕਿਵੇਂ ਦਬਾਅ ਬਣਾਇਆ ਜਾਵੇ। ਇਸ ਵਿੱਚ ਮਾਹਿਰ ਅਤੇ ਉਹ ਲੋਕ ਵੀ ਸੱਦੇ ਗਏ ਹਨ, ਜਿਨ੍ਹਾਂ ਨੂੰ ਆਪਣੀਆਂ ਗੱਡੀਆਂ ਨੂੰ ਲੈ ਕੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’’ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੇ ਪਹਿਲਾਂ ਈ-20 ਈਂਧਣ ਨੂੰ ਵਿਕਲਪਕ ਬਣਾਉਣ ਲਈ ਇੱਕ ਔਨਲਾਈਨ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ’ਤੇ ਲਗਭਗ ਦੋ ਲੱਖ ਲੋਕਾਂ ਨੇ ਦਸਤਖ਼ਤ ਕੀਤੇ ਹਨ।
ਕੇਜਰੀਵਾਲ ਨੇ ਕਿਹਾ ਕਿ ਅਗਲੇ ਹਫ਼ਤੇ ਪ੍ਰੋਗਰਾਮ ਤੋਂ ਬਾਅਦ ਉਹ ਇਸ ਪੱਤਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਿੱਚ ਡਿਜੀਟਲ ਮਾਧਿਅਮ ਨਾਲ ਸ਼ਾਮਲ ਹੋਣ ਦੇ ਇੱਛੁਕ ਲੋਕ ਪਾਰਟੀ ਦੇ ਅਧਿਕਾਰਤ ਮੋਬਾਈਲ ਨੰਬਰ ’ਤੇ ਸੁਨੇਹਾ ਭੇਜ ਸਕਦੇ ਹਨ ਅਤੇ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਲਈ ਇੱਕ ਔਨਲਾਈਨ ਲਿੰਕ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਈ-20 ਈਂਧਣ ਨਾਲ ਜੁੜੀਆਂ ਚਿੰਤਾਵਾਂ ’ਤੇ ਚਰਚਾ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਈਥਾਨੌਲ-ਮਿਸ਼ਰਤ ਪੈਟਰੋਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਸੀ।

