ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਕਤੂਬਰ
ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਦਿੱਲੀ ਸਰਕਾਰ ਦੇ ਕਰਮਚਾਰੀਆਂ ਦੀ ਮਹਿਲਾ ਟੀਮ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਪਹਿਲੀ ਵਾਰ ਦਿੱਲੀ ਸਰਕਾਰ ਦੇ ਕਰਮਚਾਰੀਆਂ ਦੀ ਮਹਿਲਾ ਟੀਮ ਨੇ ਇਸ ਟੂਰਨਾਮੈਂਟ ਵਿੱਚ ਹਿੱਸਾ ਲਿਆ। ਚਾਂਦੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਨੂੰ ਬਿਹਤਰ ਪ੍ਰਦਰਸ਼ਨ ਕਰਦੇ ਰਹਿਣਾ ਚਾਹੀਦਾ ਹੈ ਤੇ ਅਗਲੀ ਵਾਰ ਦਿੱਲੀ ਲਈ ਸੋਨ ਤਮਗਾ ਲਿਆਉਣਾ ਹੈ। ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹੋਏ ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਹਿਲਾ ਟੀਮ ਦੀਆਂ ਸਾਰੀਆਂ ਮੈਂਬਰਾਂ ਨੇ ਅੱਜ ਆਪਣੇ ਕੋਚ ਤੇ ਮੈਨੇਜਰ ਨਾਲ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਟੂਰਨਾਮੈਂਟ ਦੀ ਸਫ਼ਲ ਯਾਤਰਾ ਬਾਰੇ ਜਾਣਕਾਰੀ ਦਿੱਤੀ। ਸਮੁੱਚੀ ਟੀਮ ਨੂੰ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਾਨੂੰ ਬਿਹਤਰ ਪ੍ਰਦਰਸ਼ਨ ਕਰਦੇ ਰਹਿਣਾ ਹੈ। ਅਗਲੇ ਟੂਰਨਾਮੈਂਟ ਦੀਆਂ ਤਿਆਰੀਆਂ ਲਈ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ।