ਪੱਤਰ ਪ੍ਰੇਰਕ
ਨਵੀਂ ਦਿੱਲੀ 24 ਨਵੰਬਰ
ਦਿੱਲੀ ਦੇ ਟਿਕਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਦੀ ਕਾਰਵਾਈ ਅੱਜ ਨੌਜਵਾਨਾਂ ਵੱਲੋਂ ਸੰਭਾਲੀ ਗਈ। ਸਟੇਜ ਤੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਾਅਰਿਆਂ ਦੀ ਗੂੰਜ ਵਿੱਚ ਸਿਜਦਾ ਕੀਤਾ ਗਿਆ। ਇਸ ਮੌਕੇ ਯੁਵਰਾਜ ਸਿੰਘ ਤੇ ਸ਼ਿਵਰਾਜ ਸਿੰਘ ਨੇ ਕਿਹਾ ਕਿ ਖੇਤੀ ਮੋਰਚੇ ਵਿੱਚ ਨੌਜਵਾਨਾਂ ਦੀ ਮੁੱਖ ਭੂਮਿਕਾ ਰਹੀ ਹੈ। ਮੋਰਚੇ ਦੀ ਹਰ ਪੱਖ ਤੋਂ ਸੁਰੱਖਿਆ ਤੋਂ ਲੈ ਕੇ ਸਟੇਜ ਦੀ ਕਾਰਵਾਈ ਤੱਕ ਨੌਜਵਾਨਾਂ ਵੱਲੋਂ ਨਿਭਾਈ ਜਾ ਰਹੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਕੈਬਨਿਟ ਦੀ ਮੀਟਿੰਗ ਵਿੱਚ ਕਾਨੂੰਨਾਂ ਨੂੰ ਰੱਦ ਕਰਨ ਨਾਲ ਕਿਸਾਨ ਮੋਰਚੇ ਦੀ ਪ੍ਰਾਪਤੀ ਦਾ ਕਰਾਰ ਦਿੰਦਿਆਂ ਮੀਟਿੰਗ ਵਿੱਚ ਬਾਕੀ ਮੰਗਾਂ ਬਾਰੇ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਸਬੰਧੀ ਧਾਰੀ ਚੁੱਪ ਦੀ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਖੇਤੀ ਕਾਨੂੰਨਾਂ ਨੂੰ ਲੈ ਕੇ 26 ਨਵੰਬਰ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅਤੇ ਉਸ ਤੋਂ ਬਾਅਦ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਾਏ ਦਿੱਲੀ ਮੋਰਚੇ ਨੂੰ ਫੇਲ੍ਹ ਕਰਨ ਲਈ ਕੇਂਦਰ ਸਰਕਾਰ ਨੇ ਵੱਖ ਵੱਖ ਢੰਗਾਂ ਰਾਹੀਂ ਨੌਜਵਾਨਾਂ ਨੂੰ ਭੜਕਾ ਕੇ ਹਿੰਸਕ ਕਰਨ ਕੋਸ਼ਿਸ਼ ਕੀਤੀ ਗਈ ਪਰ ਇੱਕਾ ਦੁੱਕਾ ਘਟਨਾਵਾਂ ਤੋਂ ਇਲਾਵਾ ਨੌਜਵਾਨਾਂ ਨੇ ਜੋਸ਼ ਦੇ ਨਾਲ ਆਪਣਾ ਹੋਸ਼ ਕਾਇਮ ਰੱਖ ਕੇ ਮੋਰਚਾ ਜਾਰੀ ਰੱਖਿਆ। ਮਨੀ ਸਿੰਘ, ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੋਰਚੇ ਦੀ ਕਮਾਂਡ ਬੁੱਢੀ ਅਤੇ ਨਿਕੰਮੀ ਲੀਡਰਸ਼ਿਪ ਦੇ ਹੱਥ ਕਹਿ ਕੇ ਨੌਜਵਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨਾਂ ਨੇ ਸਰਕਾਰ ਦੀ ਇਸ ਚਾਲ ਨੂੰ ਸਮਝਦਿਆਂ ਕਿਸਾਨ ਆਗੂਆਂ ਦੀ ਸੁਚੇਤ ਅਗਵਾਈ ਹੇਠ ਮੋਰਚੇ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।