ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਸਤੰਬਰ
ਯੂਥ ਅਕਾਲੀ ਦਲ ਵੱਲੋਂ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਆ ਗਿਆ। ਇਥੇ ਉਚੇਚੇ ਤੌਰ ’ਤੇ ਪਹੁੰਚੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਵਾਸਤੇ ਡਟਿਆ ਹੈ ਤੇ ਅੱਗੇ ਵੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟੇਗਾ ਤੇ ਉਨ੍ਹਾਂ ਆਪਣੇ ਕਹੇ ਬੋਲਾਂ ਨੂੰ ਪੁਗਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੈ ਤੇ ਕਿਸਾਨਾਂ ਵਾਸਤੇ ਹਮੇਸ਼ਾ ਅੱਗੇ ਹੋ ਕੇ ਸੰਘਰਸ਼ ਕੀਤਾ ਹੈ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਜਿਸ ਦਿਨ ਹਰਸਿਮਰਤ ਕੌਰ ਬਾਦਲ ਪੰਜਾਬ ਵਿੱਚ ਦਾਖਲ ਹੋਣਗੇ, ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਕਿਸਾਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਉਨ੍ਹਾਂ ਵਾਸਤੇ ਜੇਕਰ ਕੋਈ ਸਿਆਸੀ ਪਾਰਟੀ ਡਟਦੀ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਜਦਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸਿਰਫ ਬਿਆਨਬਾਜ਼ੀ ਤੱਕ ਸੀਮਤ ਹਨ। ਕਾਂਗਰਸ ਦੇ ਤਾਂ ਮੰਤਰੀਆਂ ਨੇ ਘੁਟਾਲੇ ਕਰ ਲਏ, ਉਨ੍ਹਾਂ ਨੇ ਆਪਣੇ ਅਹੁਦੇ ਨਹੀਂ ਛੱਡੇ, ਕਿਸਾਨਾਂ ਵਾਸਤੇ ਛੱਡਣਾ ਤਾਂ ਦੂਰ ਦੀ ਗੱਲ ਹੈ।