ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 19 ਸਤੰਬਰ
ਕੇਂਦਰ ਸਰਕਾਰ ਸੰਸਦ ਦੇ ਮੌਨਸੂਨ ਸੈਸ਼ਨ ਵਿਚ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲ ਲੈ ਕੇ ਆਈ ਹੈ ਜਿਨ੍ਹਾਂ ਨੂੰ ਲੋਕ ਸਭਾ ਵਿਚ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਰਾਜ ਸਭਾ ਤੋਂ ਮਨਜ਼ੂਰ ਹੋਣਾ ਅਜੇ ਬਾਕੀ ਹੈ। ਦੇਸ਼ ਭਰ ਦੇ ਕਿਸਾਨ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਇਸ ਦਾ ਸਭ ਤੋਂ ਵੱਧ ਵਿਰੋਧ ਹਰਿਆਣਾ ਤੇ ਪੰਜਾਬ ਵਿੱਚ ਹੋ ਰਿਹਾ ਹੈ। ਯੂਥ ਕਾਂਗਰਸ ਵੀ ਤਿੰਨਾਂ ਬਿੱਲਾਂ ਦਾ ਸਖ਼ਤ ਵਿਰੋਧ ਕਰ ਰਹੀ ਹੈ। ਯੂਥ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਤਰੁਣ ਤੇਵਤੀਆ ਤੇ ਕੌਮੀ ਬੁਲਾਰੇ ਪਰਾਗ ਸ਼ਰਮਾ ਨੇ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਇਹ ਤਿੰਨੋਂ ਬਿੱਲ ਰਾਜ ਸਭਾ ਵਿਚ ਵੀ ਪਾਸ ਹੋ ਜਾਂਦੇ ਹਨ ਤਾਂ ਕਿਸਾਨ ਤੇ ਮਾਰਕੀਟ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਜਾਵੇਗੀ। ਦੋਵਾਂ ਨੇ ਇਹ ਗੱਲ ਬੱਲਭਗੜ੍ਹ ਅਨਾਜ ਮੰਡੀ ਵਿੱਚ ਯੂਥ ਕਾਂਗਰਸ ਦਫ਼ਤਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਰੋਨਾ ਦੌਰਾਨ ਸਰਕਾਰ ਵੱਲੋਂ ਆਰਡੀਨੈਂਸ ਵਜੋਂ ਖੇਤੀਬਾੜੀ ਸੈਕਟਰ ਵਿੱਚ ਅਜਿਹੀਆਂ ਵੱਡੀਆਂ ਤਬਦੀਲੀਆਂ ਲਿਆਉਣ ਨਾਲ ਸਰਕਾਰ ਦੀ ਗ਼ਲਤ ਨੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਤਿੰਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨਾਂ, ਕਿਰਤੀ ਮਜ਼ਦੂਰਾਂ, ਖੇਤੀ ਮਜ਼ਦੂਰਾਂ ਨੂੰ ਵੀ ਨੁਕਸਾਨ ਪਹੁੰਚੇਗਾ। ਇਸ ਨਾਲ ਵੱਡੀਆਂ ਤੇ ਨਿੱਜੀ ਕੰਪਨੀਆਂ ਦੀ ਲੁੱਟ ਵਧੇਗੀ। ਐੱਮਐੱਸਪੀ ਦਾ ਪੂਰੀ ਤਰ੍ਹਾਂ ਖਾਤਮਾ ਹੋ ਜਾਵੇਗਾ ਤੇ ਵੱਡੀਆਂ ਕੰਪਨੀਆਂ ਆਪਣੀ ਪਸੰਦ ਦਾ ਮੁੱਲ ਤੈਅ ਕਰਨਗੀਆਂ ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣਗੀਆਂ। ਇਕ ਪਾਸੇ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੀ ਗੱਲ ਕਰਦੀ ਹੈ ਤੇ ਦੂਜੇ ਪਾਸੇ ਅਜਿਹਾ ਬਿੱਲ ਲਿਆ ਕੇ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਇਹ ਤਿੰਨੋਂ ਬਿੱਲਾਂ ਨੂੰ ਰੱਦ ਕੀਤਾ ਜਾਵੇ। ਪਰਾਗ ਸ਼ਰਮਾ ਨੇ ਕਿਹਾ ਕਿ ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ, ਇਹ ਸਰਗਰਮ ਸਰਮਾਏਦਾਰਾਂ ਦੀ ਸਰਕਾਰ ਹੈ ਤੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਇਹ ਤਿੰਨੋਂ ਬਿੱਲ ਜਬਰੀ ਪਾਸ ਕਰ ਰਹੀ ਹੈ।