ਗੁਰਦੁਆਰਾ ਕਲਗੀਧਰ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਵਿਨੀਪੈਗ: ਵਿਨੀਪੈਗ ਦੇ ਗੁਰਦੁਆਰਾ ਕਲਗੀਧਰ ਦਰਬਾਰ ਦੀ ਨਵੀਂ ਬਹੁ ਮੰਜ਼ਿਲਾਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ...
ਵਿਨੀਪੈਗ: ਵਿਨੀਪੈਗ ਦੇ ਗੁਰਦੁਆਰਾ ਕਲਗੀਧਰ ਦਰਬਾਰ ਦੀ ਨਵੀਂ ਬਹੁ ਮੰਜ਼ਿਲਾਂ ਇਮਾਰਤ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸਮਾਗਮ ਵਿੱਚ ਕੈਨੇਡਾ ਦੇ ਸੰਸਦ ਮੈਂਬਰ ਕੇਵਿਨ ਲੈਮਰੂ, ਮੈਨੀਟੋਬਾ ਦੇ ਵਿਧਾਇਕ ਦਲਜੀਤ ਪਾਲ ਸਿੰਘ ਬਰਾੜ ਅਤੇ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਅਤੇ ਭਾਈਚਾਰਕ ਏਕਤਾ ਹੀ ਇਸ ਪ੍ਰਾਜੈਕਟ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਇਸ ਉਸਾਰੀ ਨੂੰ ਸੰਗਤਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਦੱਸਦਿਆਂ ਭਵਿੱਖ ਵਿੱਚ ਵੀ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।
ਗੁਰਦੁਆਰਾ ਪ੍ਰਬੰਧਕਾਂ ਅਨੁਸਾਰ ਵਿਨੀਪੈਗ ਵਿੱਚ ਪੰਜਾਬੀ ਅਤੇ ਸਿੱਖ ਭਾਈਚਾਰੇ ਦੀ ਲਗਾਤਾਰ ਵਧ ਰਹੀ ਆਬਾਦੀ ਕਾਰਨ ਗੁਰਦੁਆਰਾ ਸਾਹਿਬ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ ਹੈ। ਮੌਜੂਦਾ ਇਮਾਰਤ ਦੀ ਸੀਮਿਤ ਸਮਰੱਥਾ ਕਾਰਨ ਗੁਰਪੁਰਬਾਂ, ਧਾਰਮਿਕ ਸਮਾਗਮਾਂ ਅਤੇ ਭਾਈਚਾਰਕ ਗਤੀਵਿਧੀਆਂ ਦੌਰਾਨ ਥਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ। ਇਸੇ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਬਹੁਮੰਜ਼ਲੀ ਇਮਾਰਤ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਹੈ।
ਪ੍ਰਬੰਧਕਾਂ ਨੇ ਦੱਸਿਆ ਕਿ ਨਵੀਂ ਇਮਾਰਤ ਵਿੱਚ ਵਿਸ਼ਾਲ ਦਰਬਾਰ ਹਾਲ, ਲੰਗਰ ਹਾਲ, ਆਧੁਨਿਕ ਰਸੋਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਿਰਫ਼ ਧਾਰਮਿਕ ਅਸਥਾਨ ਹੀ ਨਹੀਂ, ਸਗੋਂ ਵਿੱਦਿਅਕ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਦਾ ਵੀ ਮਹੱਤਵਪੂਰਨ ਕੇਂਦਰ ਬਣੇਗਾ। ਸੰਗਤਾਂ ਦੇ ਸਹਿਯੋਗ ਨਾਲ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰਨ ਦਾ ਭਰੋਸਾ ਵੀ ਪ੍ਰਗਟਾਇਆ ਗਿਆ।
ਜ਼ਿਕਰਯੋਗ ਹੈ ਕਿ 2021 ਦੀ ਕੈਨੇਡੀਅਨ ਮਰਦਮਸ਼ੁਮਾਰੀ ਮੁਤਾਬਕ ਵਿਨੀਪੈਗ ਦੀ ਕੁੱਲ ਆਬਾਦੀ 7.49 ਲੱਖ ਤੋਂ ਵੱਧ ਸੀ, ਜਿਸ ਵਿੱਚ ਲਗਭਗ 4.4 ਫ਼ੀਸਦੀ, ਭਾਵ ਕਰੀਬ 35 ਹਜ਼ਾਰ ਲੋਕ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ। ਮੈਨੀਟੋਬਾ ਵਿੱਚ ਸਿੱਖ ਧਰਮ ਈਸਾਈ ਧਰਮ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਧਰਮ ਹੈ ਅਤੇ ਸੂਬੇ ਦੀ ਕਰੀਬ 2.7 ਫ਼ੀਸਦੀ ਆਬਾਦੀ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ।
