ਡਾ. ਗੁਰਵਿੰਦਰ ਸਿੰਘ
ਇਹ ਘਟਨਾ 5 ਸਤੰਬਰ 1914 ਈਸਵੀ ਦੀ ਹੈ। ਸਥਾਨ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦਾ ਸੈਕਿੰਡ ਐਵੀਨਿਊ ’ਤੇ ਬਣਿਆ ਪਹਿਲਾ ਗੁਰਦੁਆਰਾ ਸੀ। ਸਮਾਂ ਸ਼ਾਮ ਦੇ ਕਰੀਬ ਸੱਤ ਵੱਜਣ ’ਚ ਕੁਝ ਕੁ ਮਿੰਟ ਬਾਕੀ ਸਨ। ਅਰਜਨ ਸਿੰਘ ਨਾਂ ਦੇ ਇੱਕ ਵਿਅਕਤੀ ਦੇ ਸਸਕਾਰ ਮਗਰੋਂ ਪਾਠ ਦਾ ਭੋਗ ਪੈ ਚੁੱਕਾ ਸੀ। ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਅਰਦਾਸ ਹੋਣ ਹੀ ਲੱਗੀ ਸੀ ਕਿ ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪ੍ਰਧਾਨ ਭਾਈ ਭਾਗ ਸਿੰਘ ਭਿੱਖੀਵਿੰਡ ਦੇ ਪਿੱਛੇ ਬੈਠੇ ਗ਼ੱਦਾਰ ਬੇਲਾ ਜਿਆਣ ਨੇ ਦੋਵਾਂ ਹੱਥਾਂ ਵਿਚ ਪਿਸਤੌਲ ਫੜ ਲਈ ਅਤੇ ਭਾਈ ਭਾਗ ਸਿੰਘ ਦੀ ਪਿੱਠ ’ਤੇ ਗੋਲੀਆਂ ਦੀ ਵਾਛੜ ਕਰ ਦਿੱਤੀ। ਇਹ ਵੇਖਦਿਆਂ ਸਾਰ ਹੀ ਅਰਦਾਸ ’ਚ ਖੜ੍ਹੇ ਇਕ ਹੋਰ ਯੋਧੇ ਭਾਈ ਬਤਨ ਸਿੰਘ ਦਲੇਲ ਸਿੰਘ ਵਾਲਾ ਨੇ ਜਾਨ ਦੀ ਪਰਵਾਹ ਨਾ ਕਰਦਿਆਂ, ਹਤਿਆਰੇ ਨੂੰ ਧੌਣੋਂ ਜਾ ਦਬੋਚਿਆ। ਬੇਲਾ ਜਿਆਣ ਨੇ ਆਪਣਾ ਪਿਸਤੌਲ ਭਾਈ ਬਤਨ ਸਿੰਘ ਵੱਲ ਕਰ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ’ਚੋਂ ਚਾਰ ਗੋਲੀਆਂ ਬਤਨ ਸਿੰਘ ਦੇ ਲੱਗੀਆਂ। ਇਸ ਗੋਲੀਬਾਰੀ ’ਚ ਅੱਠ ਹੋਰ ਬੰਦੇ ਵੀ ਜ਼ਖ਼ਮੀ ਹੋ ਗਏ।
ਹਮਲਾਵਰ ਨੂੰ ਬਤਨ ਸਿੰਘ ਵੱਲੋਂ ਫੜਨ ਕਰਕੇ ਉਲਝੇ ਬੇਲੇ ਜਿਆਣ ਦਾ ਨਿਸ਼ਾਨਾ ਖੁੰਝ ਜਾਣ ਕਾਰਨ ਮਹਾਨ ਯੋਧੇ ਭਾਈ ਬਲਵੰਤ ਸਿੰਘ ਖੁਰਦਪੁਰ ਦਾ ਬਚਾਅ ਹੋ ਗਿਆ, ਜੋ ਉਸ ਵੇਲੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਸਨ ਤੇ ਤਾਬਿਆਂ ’ਚ ਚੌਰ ਕਰ ਰਹੇ ਸਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ’ਚੋਂ ਭਾਈ ਭਾਗ ਸਿੰਘ ਪਿੰਡ ਭਿੱਖੀਵਿੰਡ ਤੇ ਭਾਈ ਬਤਨ ਸਿੰਘ ਪਿੰਡ ਦਲੇਲ ਸਿੰਘ ਵਾਲਾ ਸ਼ਹੀਦੀ ਪਾ ਗਏ ਤੇ ਬਾਕੀਆਂ ਦਾ ਇਲਾਜ ਚੱਲਦਾ ਰਿਹਾ। ਹਤਿਆਰੇ ਬੇਲੇ ਜਿਆਣ ਨੂੰ ਚਾਹੇ ਗ੍ਰਿਫ਼ਤਾਰ ਵੀ ਕਰ ਲਿਆ, ਪਰ ਮਗਰੋਂ ਸਰਕਾਰੀ ਮੁਖ਼ਬਰ ਹੋਣ ਕਰ ਕੇ ਉਸ ਨੂੰ ਰਿਹਾਅ ਕਰਕੇ ਭਾਰਤ ਭੇਜ ਦਿੱਤਾ, ਜਿੱਥੇ 19 ਸਾਲ ਮਗਰੋਂ ਬੱਬਰ ਅਕਾਲੀ ਭਾਈ ਹਰੀ ਸਿੰਘ ਸੂੰਢ ਨੇ ਸਾਥੀਆਂ ਸਮੇਤ ਬੇਲਾ ਜਿਆਣ ਨੂੰ ਉਸ ਦੇ ਜੱਦੀ ਪਿੰਡ ਨੇੜੇ ਹੀ 9 ਦਸੰਬਰ 1933 ਨੂੰ ਮਾਰ ਦਿੱਤਾ।
107 ਵਰ੍ਹੇ ਪਹਿਲਾਂ ਕੈਨੇਡਾ ਦੀ ਧਰਤੀ ’ਤੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਇਹ ਕੋਈ ਸਾਧਾਰਨ ਘਟਨਾ ਨਹੀਂ, ਸਗੋਂ ਉੱਤਰੀ ਅਮਰੀਕਾ ਦੇ ਇਤਿਹਾਸ ਵਿੱਚ ਗੁਰਦੁਆਰੇ ਅੰਦਰ ਪਾਈਆਂ ਗਈਆਂ ਸ਼ਹੀਦੀਆਂ ਦੀ ਤਰਜ਼ਮਾਨੀ ਕਰਦਾ ਗੌਰਵਮਈ ਇਤਿਹਾਸਕ ਅਧਿਆਇ ਹੈ, ਜਿਸ ਵਿੱਚ ਕੈਨੇਡਾ ਦੇ ਮੋਢੀ ਸਿੱਖ ਸ਼ਹੀਦਾਂ ਦੀ ਕੁਰਬਾਨੀ ਅੰਕਿਤ ਹੈ। ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਸਨ, ਜਿਨ੍ਹਾਂ ਕੈਨੇਡਾ ਆ ਕੇ ਜਿੱਥੇ ਖਾਲਸਾ ਦੀਵਾਨ ਸੁਸਾਇਟੀ ਦੀ ਸਥਾਪਨਾ ਵਿੱਚ ਮੁੱਖ ਭੂਮਿਕਾ ਨਿਭਾਈ, ਉੱਥੇ ਗ਼ਦਰ ਲਹਿਰ ਦੇ ਸੰਘਰਸ਼ ਵਿੱਚ ਵੀ ਮਹਾਨ ਆਗੂ ਵਜੋਂ ਉੱਭਰੇ। ਉਨ੍ਹਾਂ ਬਸਤੀਵਾਦ ਅਤੇ ਨਸਲਵਾਦ ਖ਼ਿਲਾਫ਼ ਜ਼ੋਰਦਾਰ ਆਵਾਜ਼ ਉਠਾਈ ਅਤੇ ਕੈਨੇਡਾ ਦੀ ਧਰਤੀ ਤੋਂ ਮੋੜੇ ਗਏ ‘ਗੁਰੂ ਨਾਨਕ ਜਹਾਜ਼’ ਕਾਮਾਗਾਟਾਮਾਰੂ ਦੇ ਮੁਸਾਫ਼ਰਾਂ ਦੇ ਹੱਕ ਵਿੱਚ ਅਗਵਾਈ ਕੀਤੀ। ਇਸ ਤੋਂ ਇਲਾਵਾ ਕੈਨੇਡਾ ’ਚੋਂ ਭਾਰਤੀਆਂ ਨੂੰ ਕੱਢ ਕੇ ਹੋਂਡੂਰਸ ਭੇਜਣ ਦੀ ਕਾਰਵਾਈ ਦਾ ਵਿਰੋਧ ਕਰਨਾ, ਸਾਬਕਾ ਬਰਤਾਨਵੀ ਫ਼ੌਜੀਆਂ ਦੇ ਤਗਮੇ, ਇਨਸਿਗਨੀਆ ਆਦਿ ਅੱਗ ਵਿੱਚ ਸਾੜਨਾ ਅਤੇ ਬਰਤਾਨੀਆ ਦੇ ਬਾਦਸ਼ਾਹ ਜਾਰਜ ਪੰਜਵੇਂ ਦੀ ਤਾਜਪੋਸ਼ੀ ਦੇ ਸਮਾਗਮਾਂ ਦਾ ਵਿਰੋਧ ਆਦਿ ਦਲੇਰਾਨਾ ਕਾਰਜ ਭਾਈ ਭਾਗ ਸਿੰਘ ਜੀ ਦੀ ਅਗਵਾਈ ਵਿੱਚ ਹੀ ਹੋਏ। ਦੂਜੇ ਸ਼ਹੀਦ ਭਾਈ ਬਤਨ ਸਿੰਘ ਦਲੇਲ ਸਿੰਘ ਵਾਲਾ ਪਿੰਡ ਨਾਲ ਸਬੰਧਤ ਸਨ, ਜਿਨ੍ਹਾਂ ਨੇ ਕੈਨੇਡਾ ਵਿਚਲੇ ਨਸਲਵਾਦ ਅਤੇ ਭਾਰਤ ਵਿਚਲੇ ਬਸਤੀਵਾਦ ਖ਼ਿਲਾਫ਼ ਇਨਕਲਾਬੀ ਸਰਗਰਮੀਆਂ ਜਾਰੀ ਰੱਖੀਆਂ ਅਤੇ ਮਗਰੋਂ ਸ਼ਹੀਦੀ ਪਾਈ।
ਦੁਖਦਾਈ ਗੱਲ ਇਹ ਹੈ ਕਿ ਇਨ੍ਹਾਂ ਯੋਧਿਆਂ ਦੀਆਂ ਸ਼ਹਾਦਤਾਂ ਬਾਰੇ ਅਸੀਂ ਪੂਰੀ ਤਰ੍ਹਾਂ ਅਣਜਾਣ ਹਾਂ। ਸ਼ਹੀਦ ਭਾਈ ਭਾਗ ਸਿੰਘ ਤੇ ਸ਼ਹੀਦ ਭਾਈ ਬਤਨ ਸਿੰਘ ਦੀਆਂ ਸ਼ਹੀਦੀਆਂ ਦੀ ਇਹ ਇਤਿਹਾਸਕ ਵਾਰਤਾ ਸਾਡੇ ਮਨਾਂ ਵਿੱਚੋਂ ਵਿਸਰ ਚੁੱਕੀ ਹੈ, ਹਾਲਾਂਕਿ ਇਨ੍ਹਾਂ ਸ਼ਹਾਦਤਾਂ ਮਗਰੋਂ ਮਹਾਨ ਗ਼ਦਰੀ ਯੋਧੇ ਅਤੇ ਵਿਸ਼ਵਾਸੀ ਸਿੱਖ ਭਾਈ ਮੇਵਾ ਸਿੰਘ ਲੋਪੋਕੇ ਨੇ 21 ਅਕਤੂਬਰ 1914 ਈਸਵੀ ਨੂੰ ਵੈਨਕੂਵਰ ਦੀ ਕਚਹਿਰੀ ਵਿੱਚ ਅੰਗਰੇਜ਼- ਭਾਰਤੀ ਵਿਲੀਅਮ ਹੌਪਕਿਨਸਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਤੇ 11 ਜਨਵਰੀ 1915 ਨੂੰ ਹੱਸਦਿਆਂ ਫਾਂਸੀ ਦਾ ਰੱਸਾ ਚੁੰਮ ਕੇ ਸ਼ਹੀਦੀ ਪਾਈ ਸੀ। ਇਹ ਯੋਧੇ ਜਿੱਥੇ ਸਿੱਖ ਕੌਮ ਦੇ ਸ਼ਹੀਦ ਹਨ, ਉੱਥੇ ਹੀ ਗ਼ਦਰ ਲਹਿਰ ਨਾਲ ਸਬੰਧਿਤ ਮਹਾਨ ਸੂਰਬੀਰ ਵੀ ਹਨ, ਜਿਨ੍ਹਾਂ ਨੇ ਕੈਨੇਡਾ ਦੀ ਧਰਤੀ ’ਤੇ ਆ ਕੇ ਦੌਲਤ-ਸ਼ੋਹਰਤ ਕਮਾਉਣ ਦੀ ਥਾਂ ਦੇਸ਼ ਦੀ ਸੇਵਾ ਨੂੰ ਪਹਿਲ ਦਿੱਤੀ। ਇਨ੍ਹਾਂ ਸ਼ਹੀਦਾਂ ਨੇ ਘਰ-ਬਾਰ ਉਜਾੜ ਕੇ ਦੇਸ਼ ਦੀ ਆਜ਼ਾਦੀ ਲਈ ਹਰ ਕੁਰਬਾਨੀ ਦਿੱਤੀ। ਸ਼ਹੀਦ ਭਾਈ ਭਾਗ ਸਿੰਘ ਆਪਣੇ ਕੇਵਲ 32 ਮਹੀਨਿਆਂ ਦੇ ਪੁੱਤਰ ਜੋਗਿੰਦਰ ਸਿੰਘ ਸਣੇ ਅਮਰੀਕਾ ਦੀ ਸੂਮਸ ਜੇਲ੍ਹ ਵਿੱਚ ਬੰਦ ਹੋਏ ਅਤੇ ਮਗਰੋਂ ਆਜ਼ਾਦੀ ਅਤੇ ਇਨਸਾਫ਼ ਲਈ ਜਾਨ ਵੀ ਕੁਰਬਾਨ ਕਰ ਦਿੱਤੀ। ਭਾਈ ਬਤਨ ਸਿੰਘ ਨੇ ਗੋਲੀਆਂ ਵਰ੍ਹਾ ਰਹੇ ਸਰਕਾਰੀ ਮੁਖਬਰ ਬੇਲੇ ਨੂੰ ਧੌਣ ਤੋਂ ਧੂਹ ਕੇ, ਖ਼ੁਦ ਮੌਤ ਨੂੰ ਸੱਦਾ ਦਿੱਤਾ। ਸ਼ਹੀਦ ਭਾਈ ਮੇਵਾ ਸਿੰਘ ਨੇ ਇਨ੍ਹਾਂ ਦੇ ਦੋਸ਼ੀ ਵਿਲੀਅਮ ਹੌਪਕਿਨਸਨ ਨੂੰ ਸੋਧਣ ਲਈ ਹਥਿਆਰ ਚੁੱਕਿਆ ਤੇ ਸ਼ਹੀਦੀ ਪ੍ਰਾਪਤ ਕੀਤੀ।
ਅੱਜ ਕੈਨੇਡਾ-ਅਮਰੀਕਾ ਅੰਦਰ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਸ ਦੇ ਸੰਕਲਪ ਪਿੱਛੇ ਇਨ੍ਹਾਂ ਯੋਧਿਆਂ ਦਾ ਡੁੱਲ੍ਹਿਆ ਲਹੂ ਹੀ ਹੈ। ਦੂਜੇ ਪਾਸੇ ਭਾਰਤ ਵਿੱਚੋਂ ਫਿਰੰਗੀਆਂ ਨੂੰ ਕੱਢਣ ਲਈ ਜਿਨ੍ਹਾਂ ਨੇ ਖ਼ੂਨ ਦਾ ਕਤਰਾ- ਕਤਰਾ ਵਹਾ ਦਿੱਤਾ, ਉਹ ਇਹੀ ਗ਼ਦਰੀ ਯੋਧੇ ਅਤੇ ਸ਼ਹੀਦ ਸਨ। ਇੱਥੋਂ ਤੱਕ ਕਿ ਅੱਜ ਲਾਲ ਕਿਲ੍ਹੇ ’ਤੇ ਜਿਹੜਾ ਝੰਡਾ ਝੂਲਦਾ ਹੈ, ਉਸ ਦੀਆਂ ਨੀਂਹਾਂ ਵਿੱਚ ਵੀ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਮੌਜੂਦ ਹਨ।
ਇਨ੍ਹਾਂ ਗ਼ਦਰੀ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਅੱਜ ਅਸੀਂ ਭੁਲਾ ਚੁੱਕੇ ਹਾਂ, ਚਾਹੀਦਾ ਤਾਂ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ ਸ਼ਹੀਦੀਆਂ ਪਾਉਣ ਵਾਲੇ ਗ਼ਦਰੀ ਯੋਧਿਆਂ ਦੇ ਇਤਿਹਾਸ ਨਵੇਂ ਸਿਰਿਓਂ ਸਹੀ ਅਤੇ ਤੱਥਾਂ ਆਧਾਰਿਤ ਲਿਖਵਾਏ ਜਾਣ। ਕੈਨੇਡਾ, ਅਮਰੀਕਾ ਤੇ ਭਾਰਤ ਵਿਚ ਸਥਾਪਤ ਕੀਤੀਆਂ ਗਈਆਂ ਭਾਰਤੀ ਅੰਬੈਸੀਆਂ ਵਿੱਚ ਸ਼ਹੀਦ ਮੇਵਾ ਸਿੰਘ, ਸ਼ਹੀਦ ਭਾਗ ਸਿੰਘ ਤੇ ਸ਼ਹੀਦ ਬਤਨ ਸਿੰਘ ਸਣੇ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀਆਂ ਤਸਵੀਰਾਂ ਲੱਗਣ। ਤਸਵੀਰਾਂ ਲਾਉਣ ਤੋਂ ਵੀ ਵੱਡੀ ਗੱਲ ਕਿ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੱਤਾ ਜਾਵੇ।
ਇਹ ਯਾਦ ਰੱਖਣ ਵਾਲੀ ਗੱਲ ਹੈ ਕਿ ਸ਼ਹੀਦ ਭਾਈ ਭਾਗ ਸਿੰਘ ਅਤੇ ਸ਼ਹੀਦ ਭਾਈ ਬਤਨ ਸਿੰਘ ਨੇ ਦੇਸ਼ ਦੇ ਸੁਨਿਹਰੀ ਭਵਿੱਖ ਲਈ ਆਪਣਾ ਵਰਤਮਾਨ ਕੁਰਬਾਨ ਕੀਤਾ। ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਜਿਸ ਅਸਥਾਨ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਸੈਕਿੰਡ ਐਵਨਿਊ ਵੈਨਕੂਵਰ ਵਿਖੇ, ਇਨ੍ਹਾਂ ਸਿੱਖ ਸੂਰਬੀਰਾਂ ਦੀ ਸ਼ਹੀਦੀ ਹੋਈ, ਉਸ ਇਤਿਹਾਸਕ ਜਗ੍ਹਾ ਨੂੰ ਵੀ ਪ੍ਰਬੰਧਕਾਂ ਨੇ ਸੱਤਰਵਿਆਂ ਵਿੱਚ ਵੇਚ ਦਿੱਤਾ। ਮਹਾਨ ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ ਅਤੇ ਭਾਈ ਬਤਨ ਸਿੰਘ ਦਲੇਲ ਸਿੰਘ ਵਾਲਾ ਨੇ ਸਥਾਪਤੀ ਖ਼ਿਲਾਫ਼ ਸ਼ਹੀਦੀਆਂ ਪਾਈਆਂ ਸਨ ਅਤੇ ਅਜੋਕੇ ਸਮੇਂ ਵੀ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਇਕਮੁੱਠ ਹੋ ਕੇ ਲੜਨ ਦੀ ਲੋੜ ਹੈ।
ਸੰਪਰਕ: 001 604 825 1550