DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada Punjabi Death: ਨਹਿਰ ਵਿੱਚ ਡੁੱਬਣ ਕਾਰਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਤਪਾ ਦਾ ਲਵਪ੍ਰੀਤ ਤੇ ਬਤਾਲਾ ਦਾ ਯੁਵਰਾਜ ਲੈ ਰਹੇ ਸਨ ਸੈਲਫੀ

  • fb
  • twitter
  • whatsapp
  • whatsapp
Advertisement

ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਹਿਰ ਵਿੱਚ ਡੁੱਬਦੇ ਆਪਣੇ ਦੋਸਤ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਤਪਾ ਮੰਡੀ ਦਾ 26 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਵੀ ਆਪਣੀ ਜਾਨ ਗਵਾ ਬੈਠਾ। ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਮੰਡੀ (ਘੁੰਨਸ ਰੋਡ) ਦਾ ਰਹਿਣ ਵਾਲਾ ਸੀ। ਇਸ ਘਟਨਾ ਵਿਚ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ।

ਘਟਨਾ ਉਸ ਵੇਲੇ ਦੀ ਦੱਸੀ ਜਾ ਰਹੀ ਹੈ ਜਦੋਂ ਕੈਨੇਡਾ ਦੇ ਸ਼ਹਿਰ ਮਾਂਟਰੀਅਲ ਦੀ ਲਾਚੀਨ ਨਹਿਰ ਦੇ ਕਿਨਾਰੇ ਲਵਪ੍ਰੀਤ ਸਿੰਘ ਦੇ ਦੋਸਤ ਦਾ ਅਚਾਨਕ ਪੈਰ ਫ਼ਿਸਲ ਗਿਆ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਜਦੋਂ ਲਵਪ੍ਰੀਤ ਸਿੰਘ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਸ ਨੇ ਆਪਣੇ ਦੋਸਤ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ। ਪਰ ਅਫ਼ਸੋਸ, ਦੋਸਤ ਨੂੰ ਬਚਾਉਂਦਿਆਂ ਲਵਪ੍ਰੀਤ ਸਿੰਘ ਖ਼ੁਦ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਡੁੱਬ ਗਿਆ। ਕੈਨੇਡਾ ਪ੍ਰਸ਼ਾਸਨ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਖ਼ਬਰ ਨੇ ਸਾਬਕਾ ਫ਼ੌਜੀ ਬਲਵੀਰ ਸਿੰਘ ਦੇ ਪੂਰੇ ਗੁਰਸਿੱਖ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

Advertisement

Advertisement

ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

ਪਰਿਵਾਰ ਦਾ ਇਕਲੌਤਾ ਪੁੱਤ ਲਵਪ੍ਰੀਤ ਸਿੰਘ ਕਰੀਬ ਦੋ-ਢਾਈ ਸਾਲ ਪਹਿਲਾਂ ਹੀ ਵਰਕ ਪਰਮਿਟ ’ਤੇ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਗਿਆ ਸੀ, ਜਿੱਥੇ ਉਹ ਇੱਕ ਕੰਪਨੀ ਵਿੱਚ ਬਤੌਰ ਟਰਾਲਾ ਡਰਾਈਵਰ ਕੰਮ ਕਰ ਰਿਹਾ ਸੀ। ਲਵਪ੍ਰੀਤ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਗਿਆ ਸੀ। ਪੁੱਤ ਨੂੰ ਕੈਨੇਡਾ ਭੇਜਣ ਲਈ ਸੀ.ਆਰ.ਪੀ.ਐਫ. (CRPF) ਵਿੱਚੋਂ ਸੇਵਾਮੁਕਤ ਹੋਏ ਫ਼ੌਜੀ ਪਿਤਾ ਬਲਵੀਰ ਸਿੰਘ ਨੇ ਆਪਣੀ ਹਿੱਸੇ ਆਉਂਦੀ ਪੌਣੇ ਦੋ (ਤੇ ਪਰਿਵਾਰ ਦੀ ਢਾਈ) ਏਕੜ ਜ਼ਮੀਨ ਵੇਚ ਕੇ 29 ਲੱਖ ਰੁਪਏ ਦਾ ਇੰਤਜ਼ਾਮ ਕੀਤਾ ਸੀ। ਇਕਲੌਤੇ ਭਰਾ ਦੀ ਮੌਤ ਤੋਂ ਬਾਅਦ ਜਿੱਥੇ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਮਾਪਿਆਂ ਦੇ ਦੇਖੇ ਸਾਰੇ ਸੁਪਨੇ ਚਕਨਾਚੂਰ ਹੋ ਗਏ ਹਨ। ਮ੍ਰਿਤਕ ਲਵਪ੍ਰੀਤ ਸਿੰਘ ਨੇ ਮਹਿਜ਼ 10 ਦਿਨ ਪਹਿਲਾਂ ਹੀ ਫ਼ੋਨ ’ਤੇ ਆਪਣੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ।

ਸਰਕਾਰਾਂ ਅਤੇ NRI ਭਾਈਚਾਰੇ ਅੱਗੇ ਗੁਹਾਰ

ਰੋਂਦੇ-ਕੁਰਲਾਉਂਦੇ ਮਾਪਿਆਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਕੈਨੇਡਾ ਸਰਕਾਰ ਸਮੇਤ ਵਿਦੇਸ਼ਾਂ ਵਿੱਚ ਬੈਠੇ ਐਨ.ਆਰ.ਆਈ. (NRI) ਭਾਈਚਾਰੇ ਅਤੇ ਸਮਾਜ ਸੇਵੀਆਂ ਨੂੰ ਹੱਥ ਜੋੜ ਕੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪੰਜਾਬ (ਤਪਾ ਮੰਡੀ) ਲਿਆਉਣ ਵਿੱਚ ਸਹਿਯੋਗ ਕੀਤਾ ਜਾਵੇ, ਤਾਂ ਜੋ ਉਹ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਆਪਣੇ ਪੁੱਤ ਦਾ ਅੰਤਿਮ ਸੰਸਕਾਰ ਕਰ ਸਕਣ। ਲਵਪ੍ਰੀਤ ਦੇ ਪਰਿਵਾਰ ਵਿੱਚ ਹੁਣ ਸਿਰਫ਼ ਉਸ ਦੇ ਪਿਤਾ, ਮਾਤਾ ਅਤੇ ਇਕਲੌਤੀ ਭੈਣ ਰਹਿ ਗਏ ਹਨ।

ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਦੂਜੇ ਨੌਜਵਾਨ ਦਾ ਨਾਂ (ਜੋ ਸੂਤਰਾਂ ਮੁਤਾਬਕ ਪੂਰੀ ਤਰ੍ਹਾਂ ਸਪਸ਼ਟ ਨਹੀਂ ਹੋ ਸਕਿਆ) ਪਰ ਉਸ ਦੇ ਮਾਤਾ-ਪਿਤਾ ਦੀ ਪਛਾਣ ਪਿਤਾ ਸੁਖਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਵਜੋਂ ਹੋਈ ਹੈ, ਜੋ ਪਿੰਡ ਬੁਤਾਲਾ/ਨੌਰੰਗਪੁਰ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਮੰਦਭਾਗੀ ਘਟਨਾ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਲਵਪ੍ਰੀਤ ਦੀ ਦੇਹ ਪੰਜਾਬ ਲਿਆਉਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਪੰਜਾਬ ਅੰਦਰ ਰੁਜ਼ਗਾਰ ਦੇ ਯੋਗ ਸਾਧਨ ਹੋਣ, ਤਾਂ ਸਾਡੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਕੂਚ ਨਾ ਕਰਨਾ ਪਵੇ।

ਇਸ ਮੌਕੇ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ, ਮਾਤਾ ਵੀਰਪਾਲ ਕੌਰ, ਮਾਮਾ ਗੁਰਤੇਜ ਸਿੰਘ, ਗੁਰਦੀਪ ਸਿੰਘ, ਇੰਦਰਜੀਤ ਸਿੰਘ, ਜਸਕਰਨ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਾਈਸ ਪ੍ਰਧਾਨ ਪ੍ਰਿੰਸੀਪਲ ਬਲਦੇਵ ਸਿੰਘ, ਹਰਪ੍ਰੀਤ ਸਿੰਘ, ਜਸਨਪ੍ਰੀਤ ਸਿੰਘ, ਮੱਖਣ ਸਿੰਘ, ਜਥੇਦਾਰ ਲਖਵੀਰ ਸਿੰਘ ਧਾਲੀਵਾਲ, ਮਲਕੀਤ ਸਿੰਘ ਅਤੇ ਗ੍ਰੰਥੀ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਰਈਆ: ਕੈਨੇਡਾ ਦੇ ਮੌਂਟਰੀਅਲ ਝੀਲ ਕਿਨਾਰੇ ਸੈਲਫੀ ਲੈਂਦੇ ਪਿੰਡ ਬੁਤਾਲਾ ਦੀ ਪੱਤੀ ਨਾਰੰਗਪੁਰ ਦੇ ਨੌਜਵਾਨ ਦੀ ਪੈਰ ਤਿਲਕਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਬਤਾਲਾ ਦੇ ਨੌਜਵਾਨ ਯੁਵਰਾਜ ਸਿੰਘ ਉਰਫ ਵਿਸ਼ਾਲ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਮੌਂਟਰੀਅਲ ਵਿਚ ਪੜ੍ਹਾਈ ਕਰਨ ਗਿਆ ਸੀ ਜੋ ਬੀਤੇ ਦਿਨ ਮੌਂਟਰੀਅਲ ਝੀਲ ’ਤੇ ਸੈਲਫੀ ਲੈ ਰਿਹਾ ਸੀ ਜੋ ਪੈਰ ਤਿਲਕਣ ਕਾਰਨ ਝੀਲ ਵਿੱਚ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਮਿਰਤਕ ਦੇ ਚਾਚਾ ਮਨਦੀਪ ਸਿੰਘ , ਦਾਦੀ ਮਨਜੀਤ ਕੌਰ ਭੂਆ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਹ ਮੰਦਭਾਗੀ ਖਬਰ ਉਹਨਾਂ ਨੂੰ ਅੱਜ ਹੀ ਪਤਾ ਲੱਗੀ ਹੈ ਜਿਸ ਕਾਰਨ ਪਰਿਵਾਰ ਦਾ ਬੁਰਾ ਹਾਲ ਹੈ। ਯੁਵਰਾਜ ਦਾ ਦੂਸਰਾ ਭਰਾ ਦੁਬਈ ਵਿੱਚ ਕੰਮ ਕਾਰ ਕਰਦਾ ਹੈ।

ਮਨਦੀਪ ਸਿੰਘ ਨੇ ਦੱਸਿਆ ਕਿ ਯੁਵਰਾਜ ਆਪਣੇ ਦੋਸਤਾਂ ਨਾਲ ਝੀਲ ਦੇ ਗਿਆ ਸੀ ਅਤੇ ਉੱਥੇ ਸੈਲਫੀ ਲੈ ਰਿਹਾ ਸੀ ਅਚਾਨਕ ਪੈਰ ਫਿਸਲ ਕਾਰਨ ਉਹ ਡੂੰਘੇ ਪਾਣੀ ਵਿੱਚ ਡਿੱਗ ਗਿਆ ਉਸ ਨੂੰ ਬਚਾਉਣ ਲਈ ਦੋਸਤਾਂ ਅਤੇ ਬਚਾਅ ਟੀਮਾਂ ਨੇ ਕਾਫੀ ਜਦੋ ਜਹਿਦ ਕੀਤੀ ਪ੍ਰੰਤੂ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਉਹਨਾਂ ਆਪਣੇ ਪੁੱਤਰ ਨੂੰ ਚੰਗੇ ਭਵਿੱਖ ਲਈ ਵਿਦੇਸ਼ ਭੇਜਿਆ ਸੀ ਪਰ ਹੁਣ ਉਸ ਦੀ ਮ੍ਰਿਤਕ ਦੇਹ ਹੀ ਵਾਪਸ ਆਉਣ ਦੀ ਆਸ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਦੇਹ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਇਸ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।

Advertisement
×