ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 17 ਸਤੰਬਰ
ਪੰਜਾਬ ਸਰਕਾਰ ਦੇ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਰਿਆਤ ਗਰੁੱਪ ਆਫ਼ ਇੰਸਟੀਚਿਊਟਸ ਰੈਲ ਮਾਜਰਾ ਵਿੱਚ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਕੰਪਨੀਆਂ ਅਤੇ ਅਦਾਰਿਆਂ ਵੱਲੋਂ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਦੌਰਾਨ 245 ਪ੍ਰਾਰਥੀਆਂ ਦੀ ਮੌਕੇ ’ਤੇ ਚੋਣ ਕੀਤੀ ਗਈ ਜਦਕਿ ਨਾਮਵਰ ਕੰਪਨੀਆਂ ਵੱਲੋਂ ਵਰਚੂਅਲ ਤੌਰ ’ਤੇ ਵੱਡੀ ਗਿਣਤੀ ਵਿਚ ਪ੍ਰਾਰਥੀਆਂ ਦੀ ਕੀਤੀ ਗਈ ਇੰਟਰਵਿਊ ਦਾ ਨਤੀਜਾ ਆਉਣਾ ਅਜੇ ਬਾਕੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਅਤੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਇਸ ਰੁਜ਼ਗਾਰ ਮੇਲੇ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਕਿਹਾ ਕਿ ਇਸ ਮੈਗਾ ਰੁਜ਼ਗਾਰ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਮਿਲਿਆ ਹੈ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਮੇਲੇ ਦੌਰਾਨ ਸਵੈ-ਰੁਜ਼ਗਾਰ ਨਾਲ ਸਬੰਧਤ ਵਿਭਾਗਾਂ ਨੇ ਵੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।