ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਅਪਰੈਲ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 3,31,725 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,30,083 ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਨਗਰੇਨ ਵੱਲੋਂ 98,240 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 87,622 ਮੀਟ੍ਰਿਕ ਟਨ, ਪਨਸਪ ਵੱਲੋਂ 70,324 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 44,310 ਮੀਟ੍ਰਿਕ ਟਨ ਅਤੇ ਐੱਫਸੀਆਈ ਵੱਲੋਂ 29,587 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਖਰੀਦ ਕੀਤੀ ਕਣਕ ਦੀ ਅਦਾਇਗੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਖਰੀਦ ਕੀਤੀ ਫਸਲ ਦੀ ਅਦਾਇਗੀ ਵਜੋਂ 313.07 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲਿਫਟਿੰਗ ਦੇ ਮਾਮਲੇ ਵਿੱਚ ਵੀ ਜਲੰਧਰ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋ ਚੁੱਕਾ ਹੈ।
ਕਿਸਾਨਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ
ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿੱਧੀ ਅਦਾਇਗੀ ਲਈ ‘ਅਨਾਜ ਖਰੀਦ ਪੋਰਟਲ’ ’ਤੇ ਕਿਸਾਨਾਂ ਦੀ ਰਜਿਸਟਰੇਸ਼ਨ ਲਈ ਜ਼ਿਲ੍ਹੇ ਦੀਆਂ 12 ਮਾਰਕੀਟ ਕਮੇਟੀਆਂ ’ਚ ‘ਫਾਰਮਰ ਹੈਲਪ ਡੈਸਕ’ ਸਥਾਪਤ ਕੀਤੇ ਗਏ ਹਨ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੌਸਮ ਵਿੱਚ ਆਈ ਤਬਦੀਲੀ ਦੇ ਮੱਦੇਨਜ਼ਰ ਕਣਕ ਦੀ ਕਟਾਈ ਇਸ ਹਿਸਾਬ ਨਾਲ ਕੀਤੀ ਜਾਵੇ ਕਿ ਉਸ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ।