ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਅਪਰੈਲ
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਾਬਾ ਸਾਹਿਬ ਦੁਆਰਾ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਾ, ਸੰਵਿਧਾਨਕ ਵਿਵਸਥਾ ’ਤੇ ਹਮਲਾ ਹੈ। ਖੰਨਾ ਨੇ ਕਿਹਾ ਕਿ ਪੰਜਾਬ ਤੇ ਦਿੱਲੀ ਸਰਕਾਰ ਦੇ ਦਫ਼ਤਰਾਂ ਵਿਚ ਬਾਬਾ ਸਾਹਿਬ ਦੀ ਤਸਵੀਰ ਲਗਾ ਕੇ ਉਨ੍ਹਾਂ ਦੁਆਰਾ ਦਰਸਾਏ ਰਸਤੇ ’ਤੇ ਚੱਲਣ ਦਾ ਢੌਂਗ ਕਰਨ ਵਾਲਿਆਂ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਗੈਰਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਤੋਂ ਸਾਬਿਤ ਹੁੰਦਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ’ਤੇ ਭਰੋਸਾ ਨਹੀਂ ਹੈ। ਇਹ ਪੰਜਾਬ ਦੇ ਸਵੈਮਾਣ ’ਤੇ ਸੱਟ ਮਾਰਨ ਦੇ ਬਰਾਬਰ ਹੈ। ਇਸ ਘਟਨਾ ਦੀ ਨਿੰਦਾ ਕਰਦਿਆਂ ਖੰਨਾ ਨੇ ਕਿਹਾ ਕਿ ਇੱਕ ਰਾਜ ਦੇ ਮੁੱਖ ਮੰਤਰੀ ਦੁਆਰਾ ਦੂਜੇ ਰਾਜ ਦੇ ਅਧਿਕਾਰੀਆਂ ਨਾਲ ਬੈਠ ਕੇ ਨਿਰਦੇਸ਼ ਦੇਣਾ, ਸੰਵਿਧਾਨ ਦਾ ਉਲੰਘਣ ਹੈ ਅਤੇ ਕਿਸੇ ਵੀ ਰਾਜ ਦੀ ਪ੍ਰਸ਼ਾਸਨਿਕ ਵਿਵਸਥਾ ਵਿਚ ਦਖਲਅੰਦਾਜ਼ੀ ਵੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਸ ਘਟਨਾ ਲਈ ਮਾਫ਼ੀ ਮੰਗਣੀ ਚਾਹੀਦੀ ਹੈ ਅਤੇ ਦਿੱਤੇ ਗਏ ਨਿਰਦੇਸ਼ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਹੀ ਕੰਮ ਕਰਨ।