ਦਲੇਰ ਸਿੰਘ ਚੀਮਾ
ਭੁਲੱਥ, 27 ਮਈ
ਝੋਨੇ ਦੀ ਸਿੱਧੀ ਬਿਜਾਈ ਰਾਹੀਂ ਪਾਣੀ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ਕਪੂਰਥਲਾ ਪ੍ਰਸ਼ਾਸਨ ਨੇ ਨਿਵੇੇਕਲੀ ‘ਜਲ ਦਾ ਰਾਖਾ, ਕੱਲ੍ਹ ਦਾ ਰਾਖਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਭੁਲੱਥ ਹਲਕੇ ਦੇ ਪਿੰਡ ਬਾਮੂਵਾਲ ਤੇ ਲੱਖਣ ਕਲਾਂ ਤੋਂ ਇਸ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਨੂੰ ਪਾਣੀ ਬਚਾਉਣ ਲਈ ਪਹਿਲ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕਰਾਰ ਦਿੱਤਾ।
ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਬਲਾਕ ਢਿਲਵਾਂ ਦੇ ਪਿੰਡਾਂ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਦਾ ਸ਼ਲਾਘਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਅਤੇ ਉਨ੍ਹਾਂ ਦੇ ਘਰਾਂ ਦੇ ਦਰਵਾਜ਼ਿਆਂ ’ਤੇ ‘ਜਲ ਦਾ ਰਾਖਾ’ ਵਾਲੇ ਸਟਿੱਕਰ ਲਾਉਣ ਦੀ ਵੀ ਸ਼ੁਰੂਆਤ ਕੀਤੀ ਗਈ।
ਪਿੰਡ ਬਾਮੂਵਾਲ ਵਿੱਚ ਉਨ੍ਹਾਂ ਕਿਸਾਨ ਕੁਲਵੰਤ ਸਿੰਘ ਚੀਮਾ ਦੇ ਖੇਤ ਦਾ ਦੌਰਾ ਕਰ ਕੇ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ। ਕਿਸਾਨਾਂ ਤੋਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਕਿਸਾਨ ਕੁਲਵੰਤ ਸਿੰਘ ਪਿੰਡ ਬਾਮੂਵਾਲ, ਕਿਸਾਨ ਗੁਰਬਖਸ਼ ਤੇ ਲਖਵਿੰਦਰ ਸਿੰਘ ਖਾਨਪੁਰ ਨੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਸਕੀਮ ਤਹਿਤ ਰਕਮ ਪ੍ਰਾਪਤ ਕਰਨ ’ਤੇ ਖੁ਼ਸ਼ੀ ਜ਼ਾਹਿਰ ਕੀਤੀ।
ਸਿੱਧੀ ਬਿਜਾਈ ਵਾਲੇ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਹੋਵੇਗੀ ਅਦਾਇਗੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 1500 ਰੁਪਏ ਦੀ ਰਕਮ ਸਬੰਧਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨ ਹਿਤੈਸ਼ੀ ਪੋਰਟਲ ਨੂੰ ਮੰਡੀ ਬੋਰਡ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਨਵੀਨਤਾਕਾਰੀ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15-20% ਬੱਚਤ ਹੋਵੇਗੀ ਅਤੇ ਜ਼ਮੀਨ ਵਿੱਚ ਪਾਣੀ ਦੇ ਰਿਸਣ ਵਿੱਚ ਸੁਧਾਰ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ। ਇਸ ਤਕਨੀਕ ਰਾਹੀਂ ਲਾਗਤ ਖ਼ਰਚਾ ਵੀ ਤਕਰੀਬਨ 4000 ਰੁਪਏ ਪ੍ਰਤੀ ਏਕੜ ਘੱਟ ਆਵੇਗਾ। ਇਸ ਤਕਨੀਕ ਰਾਹੀਂ ਬੀਜੇ ਗਏ ਰਕਬੇ ਦੀ ਤਸਦੀਕ ਕਰਨ ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਸਿਰਫ਼ ਅਸਲੀ ਲਾਭਪਾਤਰੀਆਂ ਨੂੰ ਹੀ ਦਿੱਤਾ ਜਾਵੇ।