ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਗਸਤ
ਸਥਾਨਕ ਸਰਕਾਰ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਸ਼ਹਿਰ-ਮੇਰਾ ਮਾਨ’ ਮੁਹਿੰਮ ਦੀ ਸ਼ੁਰੂਆਤ ਅੱਜ ਇਥੇ ਵਾਰਡ ਨੰਬਰ 12 ਵਿੱਚ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਕੀਤੀ। ਅਰੋੜਾ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨਾਲ ਸ਼ਹਿਰ ਅੰਦਰ ਸਫਾਈ ਤੇ ਹਰਿਆਲੀ ਦੇ ਖੇਤਰ ’ਚ ਨਵੇਂ ਮੀਲ ਪੱਥਰ ਸਥਾਪਤ ਹੋਣਗੇ।
ਵਿਧਾਇਕ ਰਮਨ ਅਰੋੜਾ ਨੇ ਵਾਰਡ ਵਾਸੀਆਂ ਨੂੰ ਬੂਟੇ ਵੰਡਦਿਆਂ ਕਿਹਾ ਕਿ ‘ਮੇਰਾ ਸ਼ਹਿਰ-ਮੇਰਾ ਮਾਣ’ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਵਾਰਡਾਂ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਨੇ ਕਿਹਾ ਕਿ ਮੁਹਿੰਮ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੇ ਦੱਸਿਆ ਕਿ ਮੁਹਿੰਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ, ਜਨਤਕ ਥਾਂਵਾਂ, ਮਾਰਕੀਟਾਂ, ਭਾਈਚਾਰਕ ਕੇਂਦਰਾਂ ਦੀ ਸਫਾਈ ਦੇ ਨਾਲ-ਨਾਲ ਫੌਗਿੰਗ, ਕੂੜਾ ਚੁਕਵਾਉਣਾ, ਘਰ-ਘਰ ਜਾ ਕੇ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਆਦਿ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਵੀ ਕੱਢੀ। ਨਿਗਮ ਮੁਲਾਜ਼ਮਾਂ ਵੱਲੋਂ ਵਾਰਡ ਵਿੱਚ ਫੌਗਿੰਗ ਵੀ ਕੀਤੀ ਗਈ।