ਪੱਤਰ ਪ੍ਰੇਰਕ
ਭੁਲੱਥ, 7 ਫਰਵਰੀ
ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਜੱਦੀ ਪਿੰਡ ਰਾਮਗੜ੍ਹ ਵਿਚ ਹਲਕੇ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਦੀ ਸੱਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਆਪ ਮੁਹਾਰੇ ਉਸ ਦੀ ਹਲਕੇ ਦੇ ਲੋਕਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ ਜਿਸ ਦਾ ਸਬੂਤ ਅੱਜ ਦਾ ਠਾਠਾਂ ਮਾਰਦਾ ਇਕੱਠ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਵੱਲੋਂ ਉਸ ਨੂੰ ਬਿਨਾਂ ਵਜ੍ਹਾਂ ਫਸਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਲਾਕੇ ਦੇ ਲੋਕਾਂ ਦਾ ਸਮਰਥਨ ਉਸ ਦੇ ਬਕਸੂਰ ਹੋਣ ਦੀ ਗਵਾਹੀ ਭਰਦਾ ਹੈ। ਇਸ ਮੌਕੇ ਇਲਾਕੇ ਦੇ ਪੰਚਾਂ ਸਰਪੰਚਾਂ ਤੇ ਪਤਵੰਤਿਆਂ ਨੇ ਸੰਬੋਧਨ ਕਰਦਿਆਂ ਖਹਿਰਾ ਵੱਲੋਂ ਕੇਂਦਰ ਸਰਕਾਰ ਦੀ ਯੂਏਪੀਏ ਤਹਿਤ ਦਰਜ ਕੀਤੇ ਗਏ ਝੂਠੇ ਪਰਚਿਆਂ ਵਿਰੁੱਧ ਆਵਾਜ਼ ਬੁਲੰਦ ਕਰਨ, ਦਿੱਲੀ ਵਿਚ ਨਵਰੀਤ ਸਿੰਘ ਦੇ ਦਿੱਲੀ ਪੁਲੀਸ ਦੁਆਰਾ ਗੋਲੀ ਮਾਰ ਕੇ ਕਤਲ ਕਰਨ ਦੀ ਜਾਂਚ ਅਤੇ ਮੋਦੀ ਸਰਕਾਰ ਵਿਰੁੱਧ ਬੋਲਣ ਕਰਕੇ ਝੂਠੇ ਕੇਸਾਂ ਵਿੱਚ ਫਸਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਖਹਿਰਾ ਨੂੰ ਜਿਤਾ ਕੇ ਇਸ ਦਾ ਜਵਾਬ ਦੇਣਗੇ। ਇਸ ਮੌਕੇ ਪੀੜਤ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਬਿਡਬਿਾ ਵੀ ਵਿਸ਼ੇਸ਼ ਤੌਰ ’ਤੇ ਰਾਮਗੜ੍ਹ ਪਹੁੰਚੇ ਹੋਏ ਸਨ ਤੇ ਉਨ੍ਹਾਂ ਨੇ ਲੋਕਾਂ ਨੂੰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ।