ਲਾਈਟ ਐਂਡ ਸਾਊਂਡ ਸ਼ੋਅ ’ਚ ਵੱਡੀ ਗਿਣਤੀ ਸੰਗਤ ਪੁੱਜੀ
ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਬੜੇ ਸੁੰਦਰ ਢੰਗ ਨਾਲ ਦਰਸਾਇਆ ਗਿਆ। ਇਸ ਤੋਂ ਪਹਿਲਾਂ ਢਾਡੀ ਜਥੇ ਦੀਦਾਰ ਸਿੰਘ ਸੰਗਤਪੁਰਾ (ਫਗਵਾੜਾ) ਵੱਲੋਂ ਵਾਰਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਿਸ਼ੇਸ਼ ਤੌਰ ’ਤੇ ਪੁੱਜੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਇਸ ਮੌਕੇ ਮੌਜੂਦ ਸਨ। ਸੰਗਤ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ, ਜੋ ਕਿ 350 ਸਾਲਾਂ ਬਾਅਦ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ।
