ਲਾਜਵੰਤ ਸਿੰਘ
ਨਵਾਂਸ਼ਹਿਰ, 18 ਅਗਸਤ
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਖੇਡ ਮੇਲਾ-2022 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਤ ਹੇਅਰ ਨੇ ਆਖਿਆ ਕਿ 2 ਮਹੀਨੇ ਚੱਲਣ ਵਾਲੇ ਇਸ ਖੇਡ ਕੁੰਭ ਵਿੱਚ 5 ਲੱਖ ਦੇ ਕਰੀਬ ਖਿਡਾਰੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। ਇਹ ਖੇਡ ਮੇਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਜਲੰਧਰ ਵਿੱਚ ਸ਼ਰੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਆਨਲਾਈਨ ਐਂਟਰੀ ਦਾ ਮਕਸਦ ਪੰਜਾਬ ’ਚੋਂ ਖਿਡਾਰੀਆਂ ਦਾ ਡੇਟਾ ਤਿਆਰ ਕਰਕੇ, ਉਨ੍ਹਾਂ ਨੂੰ ਭਵਿੱਖ ਦੇ ਚੈਂਪੀਅਨਾਂ ਵਜੋਂ ਤਿਆਰ ਕਰਨਾ ਹੋਵੇਗਾ। ਇਨ੍ਹਾਂ ਖੇਡਾਂ ਦੇ ਨਾਲ ਹੀ ਪੰਜਾਬ ਦੇ ਸਮੂਹ ਪਿੰਡਾਂ ’ਚ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਵੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਸਮੇਤ ਵਿਧਾਇਕਾਂ ਸੰਤੋਸ਼ ਕਟਾਰੀਆ, ਡਾ. ਨਛੱਤਰ ਪਾਲ ਤੇ ਜ਼ਿਲ੍ਹੇ ਦੇ ਸੀਨੀਅਰ ‘ਆਪ’ ਆਗੂਆਂ ਲਲਿਤ ਮੋਹਨ ਪਾਠਕ ਤੇ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐੱਸਪੀ ਅਤੇ ਫੁੱਟਬਾਲਰ ਗੁਰਮੀਤ ਕੌਰ, ਦੀਪਕ ਬਾਲੀ ਤੇ ਹੋਰ ਅਧਿਕਾਰੀਆਂ ਨਾਲ ਇਨ੍ਹਾਂ ਖੇਡਾਂ ’ਚ 14 ਸਾਲ ਤੋਂ ਲੈ ਕੇ 50 ਸਾਲ ਤੋਂ ਉੱਪਰ ਤੱਕ ਦੀ ਉਮਰ ਦੇ ਹਰੇਕ ਖਿਡਾਰੀ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਢਿੱਲੋਂ, ਡਾ. ਗੁਰਲੀਨ ਸਿੱਧੂ, ਡੀਡੀਪੀਓ ਦਵਿੰਦਰ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਮੌਜੂਦ ਸਨ