ਸੁਰਜੀਤ ਮਜਾਰੀ
ਬੰਗਾ, 23 ਮਈ
ਜ਼ਿਲ੍ਹੇ ਵਿੱਚ ਹੁਨਰ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੁਨਰ ਵਿਕਾਸ ਕੇਂਦਰ ਕਮ ਕੋਚਿੰਗ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਨੇੜੇ ਕਮਿਊਨਿਟੀ ਹਾਲ ਦੀ ਇਮਾਰਤ ਦਾ ਜਾਇਜ਼ਾ ਲੈਂਦਿਆਂ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਕੇਂਦਰ ਕਿੱਤਾਮੁਖੀ ਸਿਖਲਾਈ ਦੇ ਕੋਰਸਾਂ ’ਤੇ ਜ਼ੋਰ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੁਨਰੀ ਸਿਖਲਾਈ ਤੋਂ ਇਲਾਵਾ ਕੇਂਦਰ ਵਿੱਚ ਨੌਜਵਾਨਾਂ ਨੂੰ ਕਰੀਅਰ ਗਾਈਡੈਂਸ, ਕਾਉਂਸਲਿੰਗ ਅਤੇ ਉੱਦਮਤਾ ਵਿਕਾਸ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ। ਇਸ ਮੌਕੇ ਆਪ ਆਗੂ ਕੁਲਜੀਤ ਸਿੰਘ ਸਰਹਾਲ, ਏਡੀਸੀਜ਼ ਜਸਬੀਰ ਸਿੰਘ, ਅਮਿਤ ਸਰੀਨ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ।
ਰੁਜ਼ਗਾਰ ਕੈਂਪ ਵਿੱਚ 12 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਵੱਲੋਂ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਕਾਊਂਸਲਿੰਗ-ਕਮ-ਰੋਜ਼ਗਾਰ ਕੈਂਪ ਲਗਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਕੁੱਲ 98 ਨੌਜਵਾਨਾਂ ਨੇ ਭਾਗ ਲਿਆ ਅਤੇ ਥਿੰਕ ਗੈਸ ਕੰਪਨੀ ਵੱਲੋਂ 12 ਆਈ.ਟੀ.ਆਈ ਡਿਪਲੋਮਾ ਹੋਲਡਰ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।