ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਗੌਰਮਿੰਟ ਸਕੂਲ ਆਫ ਐਮੀਨੈਂਸ, ਭਾਰਗਵ ਨਗਰ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ ਟੀ ਐੱਮ) ਵਿੱਚ ਸ਼ਿਰਕਤ ਕੀਤੀ।
ਮੋਹਿੰਦਰ ਭਗਤ ਨੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਜ਼ਿਲ੍ਹੇ ਦੇ 1300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ ਟੀ ਐੱਮ ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਜਿੱਥੇ ਮਾਪਿਆਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਵਿੱਦਿਅਕ ਸਫ਼ਲਤਾ ਯਕੀਨੀ ਬਣਾਉਣ ਲਈ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਕੋਆਰਡੀਨੇਟਰ ਪੰਜਾਬ ਸਿੱਖਿਆ ਕ੍ਰਾਂਤੀ ਸੰਜੀਵ ਭਗਤ, ਕੌਂਸਲਰ ਰਾਜ ਕੁਮਾਰ ਰਾਜੂ, ਡਿਪਟੀ ਡੀ ਈ ਓ ਰਾਜੀਵ ਜੋਸ਼ੀ ਵੀ ਮੌਜੂਦ ਸਨ। ਭਗਤ ਨੇ ਸਕੂਲ ਲਈ 1.20 ਕਰੋੜ ਰੁਪਏ ਦੀ ਗਰਾਂਟ ਦਾ ਵੀ ਐਲਾਨ ਕੀਤਾ, ਜਿਸ ਵਿੱਚੋਂ 70 ਲੱਖ ਰੁਪਏ ਪੁਰਾਣੀ ਇਮਾਰਤ ਨੂੰ ਢਾਹ ਕੇ ਸਾਇੰਸ ਅਤੇ ਗਣਿਤ ਲੈਬਜ਼ ਬਣਾਉਣ ਲਈ ਖਰਚ ਕੀਤੇ ਜਾਣਗੇ ਜਦਕਿ 50 ਲੱਖ ਰੁਪਏ ਇੱਥੇ ਖੇਡ ਸਟੇਡੀਅਮ ਦੇ ਵਿਕਾਸ ’ਤੇ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਲੈਬਜ਼ ਅਤੇ ਸਟੇਡੀਅਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਪਹਿਲਕਦਮੀ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਵਿਕਾਸ, ਖਾਸ ਕਰਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਸਾਰਥਕ ਚਰਚਾ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਉਣ ਵਾਲੇ ਮਾਪਿਆਂ ਨੂੰ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਗਈਆਂ ਬਿਹਤਰ ਸਹੂਲਤਾਂ ਦੇਖਣ ਦਾ ਮੌਕਾ ਮਿਲ ਰਿਹਾ ਹੈ। ਇਸ ਪ੍ਰੋਗਰਾਮ ਜ਼ਰੀਏ ਮਾਪਿਆਂ ਨੂੰ ਜਿਥੇ ਆਪਣੇ ਬੱਚਿਆਂ ਦੇ ਪਾਠਕ੍ਰਮ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਉਥੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪ੍ਰੀਖਿਆਵਾਂ ਵਿੱਚ 95 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਸਮੇਤ ਪੜ੍ਹਾਈ ਵਿੱਚ ਹੋਰ ਮਹੱਤਵਪੂਰਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਇਸੇ ਤਰ੍ਹਾਂ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਸਕੂਲ ਦੇ ਵਿਕਾਸ ਲਈ ਉਨ੍ਹਾਂ ਦੀ ਲਗਨ ਅਤੇ ਯਤਨਾਂ ਬਦਲੇ ਪ੍ਰਸ਼ੰਸਾ ਪੱਤਰ ਦਿੱਤੇ ਗਏ।

