ਫਗਵਾੜਾ: ਪੰਜਾਬ ਦੇ ਸਾਬਕਾ ਮੰਤਰੀ ਤੇ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਫਗਵਾੜਾ ਲਈ 101 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਦੋਆਬਾ ਖੇਤਰ ਦਾ ਕੇਂਦਰੀ ਸ਼ਹਿਰੀ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ’ਚ ਕਰੀਬ 91 ਪਿੰਡ ਤੇ ਸ਼ਹਿਰੀ ਖੇਤਰ ’ਚ 50 ਵਾਰਡ ਅਜਿਹੇ ਹਨ ਜੋ ਹੁਣ ਤੱਕ ਵਿਕਾਸ ਤੋਂ ਵਾਂਝੇ ਰਹੇ ਹਨ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਫਗਵਾੜਾ ਲਈ 101 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮਨਜ਼ੂਰ ਕੀਤਾ ਜਾਵੇ ਤਾਂ ਜੋ ਇਹ ਸੂਬੇ ਦਾ ਨਮੂਨੇ ਦਾ ਸ਼ਹਿਰ ਬਣ ਕੇ ਉਭਰ ਸਕੇ। ਉਨ੍ਹਾਂ ਮੰਗ ਕੀਤੀ ਕਿ ਫਗਵਾੜਾ ਨੂੰ ਜ਼ਿਲ੍ਹੇ ਵਜੋਂ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ ਤੇ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਦੀ ਸਹੂਲਤ ਮਿਲ ਸਕੇ। ਉਨ੍ਹਾਂ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਟਰਾਮਾ ਸੈਂਟਰ ਜਿਹੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਮੰਗ ਮੰਨਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। – ਪੱਤਰ ਪ੍ਰੇਰਕ