ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਜੂਨ
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪਲੇਠੇ ਬਜਟ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ, ਸਗੋਂ ਪਹਿਲੀਆਂ ਸਰਕਾਰਾਂ ਵਾਂਗ ਹੀ ਅੰਕੜਿਆਂ ਰਾਹੀਂ ਵੱਖ-ਵੱਖ ਤਬਕਿਆਂ ਨੂੰ ਭਰਮਾਉਣ ਦੀ ਕੋਸ਼ਿਸ਼ ਹੈ। ਸਾਂਝੇ ਫਰੰਟ ਦੇ ਕਨਵੀਨਰਾਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਸੁਖਦੇਵ ਸਿੰਘ ਸੈਣੀ ਆਦਿ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਿਹਤ ਅਤੇ ਸਿੱਖਿਆ ਵਿੱਚ ਪ੍ਰਾਜੈਕਟਾਂ ਰਾਹੀਂ ਕਾਰਪੋਰੇਟੀ ਨੀਤੀ ਨੂੰ ‘ਆਪ’ ਸਰਕਾਰ ਵੱਲੋਂ ਪਹਿਲਾਂ ਤੋਂ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੀ ਯੋਜਨਾ ਹੈ। ਉਨ੍ਹਾਂ ਸੱਦਾ ਦਿੱਤਾ ਕਿ ‘ਆਪ’ ਦੇ ਪਲੇਠੇ ਬਜਟ ਦੀਆਂ ਕਾਪੀਆਂ ਸਾਂਝੇ ਫਰੰਟ ਵੱਲੋਂ ਲਗਾਤਾਰ 30 ਜੂਨ ਤੱਕ ਸਾੜੀਆਂ ਜਾਣਗੀਆਂ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ 13 ਹਜ਼ਾਰ ਪਿੰਡਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰੀ ਮੁਹੱਲਿਆਂ ਅੰਦਰ ਸਿਹਤ ਵਿਭਾਗ ਵੱਲੋਂ ਸਿਰਫ਼ 117 ਮੁਹੱਲਾ ਕਲੀਨਿਕ ਖੋਲ੍ਹਣ ਦੀ ਸਕੀਮ ਸ਼ੁਰੂ ਕਰਕੇ ਸਰਕਾਰੀ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ। ਸਾਂਝੇ ਫਰੰਟ ਦੇ ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ 36 ਹਜ਼ਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਐਲਾਨ ਹਵਾਈ ਪੁਲੰਦਾ ਹੈ।
ਬਜਟ ਵਿੱਚ ਕਿਰਤੀਆਂ ਦੀ ਅਣਦੇਖੀ ਕਰਨ ਦਾ ਦੋਸ਼
ਦਿਹਾਤੀ ਮਜ਼ਦੂਰ ਸਭਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ‘ਆਪ’ ਦੀ ਸਰਕਾਰ ਦੇ ਪਲੇਠੇ ਬਜਟ ਨੂੰ ਕਿਰਤੀਆਂ, ਖਾਸ ਬੇਜ਼ਮੀਨੇ-ਸਾਧਨਹੀਨ ਪੇਂਡੂ ਮਜ਼ਦੂਰਾਂ ਦੀ ਘੋਰ ਅਣਦੇਖੀ ਕਰਨ ਵਾਲਾ ਨਿਰਾਸ਼ਾ ਦਾ ਪੁਲੰਦਾ ਕਰਾਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾਈ ਪ੍ਰੈਸ ਸਕੱਤਰ ਬਲਦੇਵ ਸਿੰਘ ਨੂਰਪੁਰੀ ਅਤੇ ਵਿੱਤ ਸਕੱਤਰ ਮਹੀਪਾਲ ਵੱਲੋਂ ਕਿਹਾ ਹੈ ਕਿ ਵਿੱਤ ਮੰਤਰੀ ਨੇ ਅੱਜ ਦੇ ਸਮੇਂ ’ਚ ਕਿਰਤੀ ਵਰਗ, ਖਾਸ ਕਰਕੇ ਪੇਂਡੂ ਮਜ਼ਦੂਰਾਂ ਨੂੰ ਸਭ ਤੋਂ ਜ਼ਿਆਦਾ ਬੇਚੈਨ ਕਰ ਰਹੇ ਉਜਰਤ ਵਾਧੇ ਦੇ ਸਵਾਲ ਤੋਂ ਵੀ ਪੂਰੀ ਤਰ੍ਹਾਂ ਨਾਲ ਪਾਸਾ ਵੱਟਿਆ ਹੈ। ਬਜਟ ਰਾਹੀਂ ਨਾ ਤਾਂ ਬੇਰੁਜ਼ਗਾਰੀ ਦੇ ਹੱਲ ਵੱਲ ਕੋਈ ਠੋਸ ਪੇਸ਼ਕਦਮੀ ਕੀਤੀ ਗਈ ਹੈ ਅਤੇ ਨਾ ਹੀ ਭੁੱਖਮਰੀ ਦੀ ਨੌਬਤ ਪੈਦਾ ਕਰਨ ਵਾਲੀ ਨਿੱਤ ਵਧਦੀ ਮਹਿੰਗਾਈ ਤੋਂ ਪੇਂਡੂ ਕਿਰਤੀਆਂ ਨੂੰ ਫੌਰੀ ਰਾਹਤ ਦੇਣ ਲਈ ਕੋਈ ਨਿੱਗਰ ਕਦਮ ਪੁੱਟਿਆ ਗਿਆ ਹੈ।