‘ਆਪ’ ਦੇ ਯੂਥ ਵਿੰਗ ਵੱਲੋਂ ਨਿੱਜੀ ਸਕੂਲਾਂ ਖ਼ਿਲਾਫ਼ ਪ੍ਰਦਰਸ਼ਨ

‘ਆਪ’ ਦੇ ਯੂਥ ਵਿੰਗ ਵੱਲੋਂ ਨਿੱਜੀ ਸਕੂਲਾਂ ਖ਼ਿਲਾਫ਼ ਪ੍ਰਦਰਸ਼ਨ

‘ਆਪ’ ਯੂਥ ਵਿੰਗ ਦੇ ਵਰਕਰ ਨਿੱਜੀ ਸਕੂਲਾਂ ਖ਼ਿਲਾਫ਼ ਰੋਸ ਪ੍ਰਗਟਾੳੁਂਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 6 ਜੁਲਾਈ

ਨਿੱਜੀ ਸਕੂਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਕਥਿਤ ਲੁੱਟ-ਖਸੁੱਟ ਦੇ ਵਿਰੋਧ ਵਿੱਚ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਹਰਮਿੰਦਰ ਸਿੰਘ ਬਖ਼ਸ਼ੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੈਣੀ, ਰਾਜੇਸ਼ ਜਸਵਾਲ, ਠਾਕੁਰ ਸੁਲੱਖਣ ਸਿੰਘ ਜੱਗੀ, ਜਸਪਾਲ ਚੇਚੀ, ਸੂਬਾ ਸਕੱਤਰ ਇੰਦਰ ਡਡਵਾਲ, ਯੂਥ ਪ੍ਰਧਾਨ ਅਮਰਪ੍ਰੀਤ ਸਿੰਘ, ਸ਼ਹਿਰੀ ਪ੍ਰਧਾਨ ਵਿਸ਼ੂ ਕੁਮਾਰ ਅਤੇ ਸੰਜੇ ਰਾਜ ਪੁਰੋਹਿਤ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀ ਸਕੂਲ ਮਾਫ਼ੀਆ ਨਾਲ ਮਿਲ ਕੇ ਲੋਕਾਂ ਦੇ ਹਿੱਤਾਂ ਅਤੇ ਆਰਥਿਕ ਲੁੱਟ-ਖਸੁੱਟ ਨੂੰ ਬੜ੍ਹਾਵਾ ਦੇ ਰਹੀ ਹੈ ਜਿਸ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਆਮ ਆਦਮੀ ਪਾਰਟੀ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ’ਚ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਾਪਿਆਂ ਦੀ ਲੁੱਟ ਖਸੁੱਟ ਨੂੰ ਬੰਦ ਨਾ ਕਰਵਾਇਆ ਤਾਂ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All